ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਈ
ਸਾਂਝਾ ਅਧਿਆਪਕ ਮੋਰਚਾ ਦੇ ਜ਼ਿਲ੍ਹਾ ਕਨਵੀਨਰਾਂ ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਵਿਕਰਮਜੀਤ ਸ਼ਾਹ, ਬਲਜਿੰਦਰ ਸਿੰਘ ਅਤੇ ਕੋ-ਕਨਵੀਨਰਾਂ ਸੁਖਵਿੰਦਰ ਸਿੰਘ ਮਾਨ ਤੇ ਨਵਦੀਪ ਸਿੰਘ ਨੇ ਦੱਸਿਆ ਕਿ 3 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਕਾਲੇ ਝੰਡਿਆਂ ਨਾਲ ਮੋਟਰਸਾਈਕਲ ਮਾਰਚ ਕਰਨ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕਣ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲ ਰੋਸ ਪੱਤਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਰੋਸ ਪੱਤਰ ਈ-ਮੇਲ ਰਾਹੀਂ ਵੀ ਭੇਜੇ ਜਾਣਗੇ। ਅਧਿਆਪਕ ਆਗੂਆਂ ਅਤੇ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਅਮਨ ਸ਼ਰਮਾ ਨੇ ਦੋਸ਼ ਲਗਾਇਆ ਕਿ ਸਕੱਤਰ ਸਕੂਲ ਸਿੱਖਿਆ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਦੇ 5 ਮਾਰਚ 2019 ਨੂੰ ਕੀਤੇ ਫੈਸਲੇ ਅਨੁਸਾਰ ਸੰਘਰਸ਼ਾਂ ਦੌਰਾਨ ਹੋਈਆਂ ਧੱਕੇਸ਼ਾਹੀਆਂ ਨੂੰ ਰੱਦ ਨਹੀਂ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਵੱਲੋ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਮੰਗਲ ਟਾਂਡਾ, ਗੁਰਦੇਵ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਹਰਜਾਪ ਸਿੰਘ ਬੱਲ, ਸਾਹਿਬ ਰਣਜੀਤ ਸਿੰਘ ਕੁਲਦੀਪ ਸ਼ਰਮਾ ਹਾਜ਼ਰ ਸਨ।