ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੂਨ
ਇੱਥੇ ਅੱਜ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਰੋਨਾਵਾਇਰਸ ਦੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਅਤੇ ਸ਼ੱਕੀ ਮਰੀਜ਼ਾਂ ਦੇ ਕੀਤੇ ਜਾ ਰਹੇ ਟੈਸਟਾਂ ਸਬੰਧੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਮਗਰੋਂ ਉਨ੍ਹਾਂ ਆਖਿਆ ਕਿ ਕਰੋਨਾਵਾਇਰਸ ਪਾਜ਼ੇਟਿਵ ਮਰੀਜ਼ਾਂ ਦੇ ਰਿਸ਼ਤੇਦਾਰਾਂ ਤੇ ਹੋਰਨਾਂ ਦੇ ਕਰੋਨਾ ਦੇ ਟੈਸਟਾਂ ਦੀ ਰਿਪੋਰਟ ਸਿਰਫ ਛੇ ਘੰਟਿਆਂ ਵਿੱਚ ਜਾਰੀ ਕੀਤੀ ਜਾਵੇਗੀ ਤਾਂ ਜੋ ਮਹਾਮਾਰੀ ’ਤੇ ਕਾਬੂ ਪਾਇਆ ਜਾ ਸਕੇ। ਸਥਾਨਕ ਸਰਕਟ ਹਾਊਸ ਵਿੱਚ ਮੌਜੂਦਾ ਸਥਿਤੀ ’ਤੇ ਵਿਚਾਰ ਕਰਨ ਲਈ ਸੱਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ, ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ, ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ, ਸੁਪਰਡੈਂਟ ਡਾ. ਰਮਨ ਸ਼ਰਮਾ, ਨੋਡਲ ਅਫ਼ਸਰ ਡਾ. ਮਦਨ ਮੋਹਨ, ਆਦਿ ਹਾਜ਼ਰ ਸਨ। ਸ੍ਰੀ ਸੋਨੀ ਨੇ ਆਖਿਆ ਕਿ ਕਰੋਨਾਵਾਇਰਸ ਨੂੰ ਹਰਾਉਣ ਲਈ ਵਾਇਰਸ ਦੀ ਚੇਨ ਨੂੰ ਤੋੜਣਾ ਜ਼ਰੂਰੀ ਹੈ ਜਿਸ ਤਹਿਤ ਸਾਵਧਾਨੀਆਂ ਵਰਤਣਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਦੀ ਲੈਬ ਵੱਲੋਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਕਰੋਨਾ ਦੇ ਟੈਸਟਾਂ ਦੀ ਰਿਪੋਰਟ ਸਿਰਫ ਛੇ ਘੰਟਿਆਂ ਵਿੱਚ ਦਿੱਤੀ ਜਾਵੇਗੀ। ਇਸ ਨਾਲ ਵਾਇਰਸ ਨੂੰ ਹੋਰ ਅਗਾਂਹ ਫੈਲਣ ਤੋਂ ਰੋਕਣ ਵਿਚ ਮਦਦ ਮਿਲੇਗੀ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਕਰੋਨਾਵਾਇਰਸ ਦੇ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਨੂੰ ਲੱਭਣ ਵਿੱਚ ਢਿੱਲ ਨਾ ਕੀਤੀ ਜਾਵੇ ਅਤੇ ਅਜਿਹੇ ਵਿਅਕਤੀਆਂ ਨੂੰ ਤੁਰੰਤ ਲੱਭਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਡਿਊਟੀ ਵਿਚ ਕੁਤਾਹੀ ਕਰਦਾ ਹੈ ਤਾਂ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਜਾਂ ਉਨ੍ਹਾਂ ਦੇ ਧਿਆਨ ਵਿੱਚ ਤੁਰੰਤ ਲਿਆਂਦਾ ਜਾਵੇ। ਊਨ੍ਹਾਂ ਚਿਤਾਵਨੀ ਦਿੱਤੀ ਕਿ ਗਲਤ ਨਤੀਜੇ ਦੇਣ ਵਾਲੀਆਂ ਨਿੱਜੀ ਲੈਬਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਕਰੋਨਾ ਯੋਧਿਆਂ ਦਾ ਸਨਮਾਨ ਕਰਨ ਦਾ ਐਲਾਨ
ਸਰਕਾਰ ਵੱਲੋਂ ਕਰੋਨਾਵਾਇਰਸ ਸਬੰਧੀ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਹਿ’ ਤਹਿਤ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਛੇੜੀ ਗਈ ਹੈ, ਜਿਸ ਤਹਿਤ ਅੱਜ ਮੈਡੀਕਲ ਖੋਜ ਮੰਤਰੀ ਓ.ਪੀ. ਸੋਨੀ ਵੱਲੋਂ ਇੱਥੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਹਨ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ। ਇਸ ਦੌਰਾਨ ਊਨ੍ਹਾਂ ਵੱਲੋਂ ‘ਮਿਸ਼ਨ ਫ਼ਤਹਿ’ ਹੇਠ ਕਰੋਨਾ ਖ਼ਿਲਾਫ਼ ਜੰਗ ਲੜਣ ਵਾਲੇ ਯੋਧਿਆਂ ਦਾ ਸਨਮਾਨਿਤ ਕਰਨ ਦਾ ਵੀ ਐਲਾਨ ਕੀਤਾ ਗਿਆ।