ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 10 ਅਪਰੈਲ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਧਾਰਮਿਕ ਬੁਲਾਰੇ ਭਾਈ ਮੋਹਕਮ ਸਿੰਘ ਅਤੇ ਮੀਤ ਪ੍ਰਧਾਨ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਪੁਲੀਸ ਅਫ਼ਸਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਂਡ ਦੀ ਜਾਂਚ ਕਰਨ ਲਈ ਬਣੀ ਸਿਟ ਤੋਂ ਪਾਸੇ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਸਪੱਸ਼ਟ ਕਰਦਾ ਹੈ ਕਿ ਪੰਥ ਤੇ ਪੰਜਾਬ ਦੇ ਲੋਕ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਸਿਟ ਤੋਂ ਇਲਾਵਾ ਕਿਸੇ ਦੂਸਰੀ ਜਾਂਚ ਨੂੰ ਮਾਨਤਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਬਹਬਿਲ ਕਲਾਂ ਕਾਂਡ ਵਿੱਚ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੇ ਵੀ ਅੱਜ ਇਸ ਸਬੰਧੀ ਸਪੱਸ਼ਟ ਕਰ ਦਿੱਤਾ ਹੈ। ਇਸੇ ਦੌਰਾਨ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਨੇ ਕਿਹਾ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਸਿਟ ਰਿਪੋਰਟ ਗੰਧਲੀ ਸਿਆਸਤ ਦਾ ਸ਼ਿਕਾਰ ਹੋ ਗਈ ਹੈ, ਜਿਸ ਕਰਕੇ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਬੇਅਦਬੀਆਂ ਤੇ ਗੋਲੀ ਕਾਂਡ ਦੇ ਸ਼ਹੀਦਾਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦੇ ਕੇ ਸੱਤਾ ਵਿੱਚ ਆਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਬਾਦਲਕਿਆਂ ਨਾਲ ਕਥਿਤ ਦੋਸਤੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਿਆਸੀਕਰਨ ਕਰ ਦਿੱਤਾ ਹੈ। ਕਮੇਟੀ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਦਿਲਸ਼ੇਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ, ਬਲਬੀਰ ਸਿੰਘ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਉਸ ਨੇ ਹਾਈ ਕੋਰਟ ਵਿੱਚ ਦੋਸ਼ੀ ਪੁਲੀਸ ਵੱਲੋਂ ਲਗਾਈ ਪਟੀਸ਼ਨ ਦੀ ਪੈਰਵੀ ਕਰਨ ’ਚ ਦਿਆਨਤਦਾਰੀ ਨਹੀਂ ਦਿਖਾਈ।