ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਨਵੰਬਰ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਨਰਲ ਇਜਲਾਸ 29 ਨਵੰਬਰ ਨੂੰ ਬਾਅਦ ਦੁਪਹਿਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਇਸ ਚੋਣ ਤੋਂ ਪਹਿਲਾਂ ਭਲਕੇ 28 ਨਵੰਬਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਵੀ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪਾਰਟੀ ਦੇ ਬੁਲਾਰੇ ਤੇ ਸਕੱਤਰ ਜਰਨਲ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਮੈਂਬਰ ਨਿੱਜੀ ਤੌਰ ’ਤੇ ਇੱਕ-ਇੱਕ ਕਰਕੇ ਪ੍ਰਧਾਨ ਨੂੰ ਮਿਲ ਸਕਣਗੇ ਅਤੇ ਮੈਂਬਰ ਅਹੁਦੇਦਾਰਾਂ ਦੀ ਚੋਣ ਸਬੰਧੀ ਆਪਣੀ ਰਾਏ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਅਹੁਦੇਦਾਰਾਂ ਦੀ ਚੋਣ ਲਈ ਸ੍ਰੀ ਬਾਦਲ ਵੱਲੋਂ ਲਗਾਤਾਰ ਵੱਖ ਵੱਖ ਹਲਕਿਆਂ ਵਿੱਚ ਚੱਲ ਰਹੇ ਦੌਰੇ ਦੌਰਾਨ ਸੁਝਾਅ ਅਤੇ ਜਾਣਕਾਰੀ ਲਈ ਜਾ ਰਹੀ ਹੈ।
ਪਾਰਟੀ ਸੂਤਰਾਂ ਮੁਤਾਬਕ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਭਾਵੇਂ ਕਈ ਨਾਵਾਂ ਦੀ ਚਰਚਾ ਹੈ ਪਰ ਅੱਜ ਵੀ ਬੀਬੀ ਜਗੀਰ ਕੌਰ ਹੀ ਇਸ ਅਹੁਦੇ ਲਈ ਸਭ ਤੋਂ ਵੱਡੇ ਦਾਅਵੇਦਾਰ ਮੰਨੇ ਜਾ ਰਹੇ ਹਨ।
ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਅਖੰਡ ਪਾਠ ਆਰੰਭ
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਅੱਜ ਅਖੰਡ ਪਾਠ ਆਰੰਭ ਕੀਤਾ ਗਿਆ ਹੈ, ਜਿਸ ਦੇ ਭੋਗ 29 ਨਵੰਬਰ ਨੂੰ ਪੈਣਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਘਰ ਦਾ ਓਟ ਆਸਰਾ ਲੈਂਦਿਆਂ ਆਗਾਮੀ ਚੋਣਾਂ ਲਈ ਚੋਣ ਪ੍ਰਚਾਰ ਮੁਹਿੰਮ ਆਰੰਭੀ ਜਾਵੇਗੀ।