ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਜੁਲਾਈ
ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਨੇ ਕੈਨੇਡਾ ਵਿੱਚ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਤਲ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਜੌੜਾ ਸਿੰਘਾ, ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ, ਸਤਬਿੀਰ ਸਿੰਘ ਧਾਮੀ, ਦਿਲਜੀਤ ਸਿੰਘ ਬੇਦੀ, ਪਰਮਿੰਦਰ ਸਿੰਘ, ਬਲਬੀਰ ਸਿੰਘ, ਚਰਨਜੀਤ ਸਿੰਘ, ਬੇਅੰਤ ਸਿੰਘ ਆਦਿ ਨੇ ਕਿਹਾ ਕਿ ਕੈਨੇਡਾ ਵਿੱਚ ਰਿਪੁਦਮਨ ਸਿੰਘ ਮਲਿਕ ਨੇ ਸਿੱਖੀ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਨਿਭਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਕ ਸਫ਼ਲ ਸਿੱਖ ਵਜੋਂ ਉਸਨੇ ਕੈਨੇਡਾ ਦੀ ਧਰਤੀ ’ਤੇ ਆਪਣਾ ਕਾਰੋਬਾਰ ਵੀ ਸਥਾਪਿਤ ਕੀਤਾ ਤੇ ਨਾਲ ਹੀ ਲੋਕ ਭਲਾਈ ਦੇ ਕੰਮ ਕੀਤੇ। ਉਨ੍ਹਾਂ ਕਿਹਾ ਕਿ ਸਤਿਨਾਮ ਟਰੱਸਟ ਰਾਹੀਂ ਲੋਕ ਭਲਾਈ ਦੇ ਕੰਮਾਂ ਨੂੰ ਉਸਨੇ ਨਿਰਵਿਘਨ ਜਾਰੀ ਰੱਖਿਆ। ਖਾਲਸਾ ਕਰੈਡਿਟ ਤੇ ਖ਼ਾਲਸਾ ਸਕੂਲਾਂ ਵਿੱਚ ਵੀ ਉਨ੍ਹਾਂ ਨੇ ਜਿੱਥੇ ਬੱਚਿਆਂ ਨੂੰ ਸਿੱਖੀ ਨਾਲ ਜੋੜਿਆ, ਉੱਥੇ ਸਿੱਖਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਾਇਆ। ਸਿੱਖੀ ਸਰੂਪ ’ਚ ਰਹਿ ਕੇ ਸ੍ਰੀ ਮਲਿਕ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਰ ਸੰਭਵ ਯਤਨ ਕੀਤੇ ਅਤੇ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇ।