ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਅੱਜ ਸਿੱਖ ਸੰਸਥਾ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਲਈ ਉਮੀਦਵਾਰ ਚੁਣਨ ਦੇ ਸਾਰੇ ਹੱਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਇਸ ਸਬੰਧ ਵਿਚ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੀਟਿੰਗ ਕੀਤੀ ਗਈ। ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ 27 ਨਵੰਬਰ ਨੂੰ ਸੱਦੇ ਗਏ ਜਨਰਲ ਇਜਲਾਸ ਵਿਚ ਹੋਵੇਗੀ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਚੁਣੇ ਜਾਣਗੇ। ਇਸ ਵੇਲੇ ਸ਼੍ਰੋਮਣੀ ਕਮੇਟੀ ਸਦਨ ਵਿਚ 166 ਮੈਂਬਰ ਹਨ। ਇਨ੍ਹਾਂ ਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਵੀ ਸਦਨ ਦੇ ਮੈਂਬਰ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ ਹੈ। ਮੌਜੂਦਾ ਸਦਨ ਵਿਚੋਂ 17 ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਮੈਂਬਰਾਂ ਵਲੋਂ ਅਸਤੀਫਾ ਦਿੱਤਾ ਗਿਆ ਹੈ। ਇਸ ਵੇਲੇ ਸ਼੍ਰੋਮਣੀ ਕਮੇਟੀ ਵਿਚ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਬਹੁਮੱਤ ਹੈ।
ਇਸ ਮੌਕੇ ਸ੍ਰੀ ਬਾਦਲ ਨੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਸਾਰਿਆਂ ਨੇ ਇਸ ਸਬੰਧੀ ਫੈਸਲਾ ਲੈਣ ਲਈ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ ਹੈ ਤੇ ਉਹ ਸੰਸਥਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਸਬੰਧੀ ਫੈਸਲਾ ਲੈਣਗੇ। ਇਸ ਤੋਂ ਪਹਿਲਾਂ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਮੀਟਿੰਗ ਦੀ ਕਾਰਵਾਈ ਸ਼ੁਰੂ ਕੀਤੀ ਅਤੇ ਮੈਂਬਰਾਂ ਨੂੰ ਮੀਟਿੰਗ ਦੇ ਮੰਤਵ ਤੋਂ ਜਾਣੂ ਕਰਾਇਆ।
ਸੂਤਰਾਂ ਮੁਤਾਬਕ ਇਸ ਵੇਲੇ ਪਾਰਟੀ ਵਲੋਂ ਆਪਣੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਚੰਗੀ ਲੀਡਰਸ਼ਿਪ ਦੇ ਗੁਣ ਵਾਲੇ, ਸੂਝਬੂਝ ਵਾਲੇ ਅਤੇ ਦੂਰ ਦ੍ਰਿਸ਼ਟੀ ਰੱਖਣ ਵਾਲੇ ਆਗੂਆਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਇਸ ਵੇਲੇ ਸੀਨੀਅਰ ਮੈਂਬਰਾਂ ਵਿਚੋਂ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਦੇ ਪ੍ਰਧਾਨਗੀ ਲਈ ਨਾਵਾਂ ਬਾਰੇ ਵਧੇਰੇ ਚਰਚਾ ਹੈ। 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਕਾਰਨ ਪੈਦਾ ਹੋਏ ਰੋਹ ਨੂੰ ਧਿਆਨ ਵਿਚ ਰੱਖਦਿਆਂ ਅਹੁਦੇਦਾਰਾਂ ਵਿਚ ਬਦਲਾਅ ਕੀਤੇ ਜਾਣ ਦੀ ਵੀ ਚਰਚਾ ਚੱਲ ਰਹੀ ਹੈ। ਇਕ ਪੱਖ ਇਹ ਵੀ ਵਿਚਾਰਿਆ ਜਾ ਰਿਹਾ ਹੈ ਕਿ ਇਸ ਵੇਲੇ ਪਾਰਟੀ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਵੱਡੀ ਚੁਣੌਤੀ ਬਣ ਸਕਦੇ ਹਨ ਅਤੇ ਇਸ ਮੁਕਾਬਲੇ ਲਈ ਸੰਗਰੂਰ ਵਿਚੋਂ ਹੀ ਕਿਸੇ ਸ਼੍ਰੋਮਣੀ ਕਮੇਟੀ ਮੈਂਬਰ ਦੇ ਸਿਰ ਮੁੜ ਪ੍ਰਧਾਨਗੀ ਦਾ ਤਾਜ ਸਜ ਸਕਦਾ ਹੈ।