ਪੱਤਰ ਪ੍ਰੇਰਕ
ਅੰਮ੍ਰਿਤਸਰ, 20 ਨਵੰਬਰ
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਧਾਨ ਮੰਤਰੀ ਵੱਲੋਂ ਸਿਆਸੀ ਮਜਬੂਰੀ ਵੱਸ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੇ ਕੀਤੇ ਐਲਾਨ ਨੂੰ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਕਰਾਰ ਦਿੰਦੇ ਹੋਏ ਮੋਦੀ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਸਥਾਈ ਤੌਰ ’ਤੇ ਰੱਦ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਅਹਿਮ ਮੰਗਾਂ ਨੂੰ ਵੀ ਤੁਰੰਤ ਮੰਨਣ ਦੀ ਮੰਗ ਕੀਤੀ ਹੈ। ਸਮੂਹ ਕਿਸਾਨ ਜਥੇਬੰਦੀਆਂ ਨੂੰ ਸਾਰੀਆਂ ਕਿਸਾਨੀ ਮੰਗਾਂ ਦੀ ਪੂਰਤੀ ਹੋਣ ਤੱਕ ਕਿਸਾਨ ਅੰਦੋਲਨ ਖਤਮ ਨਾ ਕਰਨ ਦੀ ਵੀ ਪੁਰਜ਼ੋਰ ਅਪੀਲ ਕੀਤੀ ਹੈ।
ਸਥਾਨਕ ਕੰਪਨੀ ਬਾਗ਼ ਵਿੱਚ ਹੋਈ ਵਿਸ਼ੇਸ਼ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਇਕਾਈ ਦੇ ਆਗੂਆਂ ਜਸਪਾਲ ਬਾਸਰਕਾ, ਅਸ਼ਵਨੀ ਕੁਮਾਰ ਅਤੇ ਸੁਮੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਬਿਆਨ ਵਿਚ ਕਾਲੇ ਖੇਤੀ ਕਾਨੂੰਨਾਂ ਨੂੰ ਗਲਤ ਅਤੇ ਕਿਸਾਨ ਵਿਰੋਧੀ ਨਹੀਂ ਮੰਨਿਆ ਸਗੋਂ ਕਿਸਾਨਾਂ ਦੇ ਇਕ ਛੋਟੇ ਹਿੱਸੇ ਨੂੰ ਇਨ੍ਹਾਂ ਦੇ ਫਾਇਦੇ ਸਮਝਾ ਨਾ ਸਕਣ ਦੀ ਆਪਣੀ ਅਸਫਲਤਾ ਦੱਸਦਿਆਂ ਕਿਸਾਨ ਆਗੂਆਂ ਨੂੰ ਬੇਸਮਝ ਅਤੇ ਮੂਰਖ ਸਿੱਧ ਕਰਨ ਦਾ ਯਤਨ ਕੀਤਾ ਹੈ, ਜਿਸਦਾ ਮਤਲਬ ਹੈ ਕਿ ਮੋਦੀ ਸਰਕਾਰ ਵਲੋਂ ਭਵਿੱਖ ਵਿਚ ਇਹੀ ਕਾਨੂੰਨ ਕਿਸੇ ਹੋਰ ਰੂਪ ਵਿਚ ਲਾਗੂ ਕੀਤੇ ਜਾਣ ਦੀ ਸੰਭਾਵਨਾ ਬਣੀ ਰਹੇਗੀ।