ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਫਰਵਰੀ
ਕਿਸਾਨ ਅੰਦੋਲਨ ਦੇ ਹੱਕ ਵਿੱਚ ਅਤੇ ਵੱਧ ਰਹੀ ਮਹਿੰਗਾਈ ਖ਼ਿਲਾਫ ਅੱਜ ਸੀਪੀਆਈ ਵੱਲੋਂ ਇਥੇ ਰੈਲੀ ਕੀਤੀ ਗਈ ਜਿਸ ਵਿਚ ਭਾਜਪਾ ਸਰਕਾਰ ਦੀਆਂ ਤਾਨਾਸ਼ਾਹ ਨੀਤੀਆਂ ਖ਼ਿਲਾਫ਼ ਸਖਤ ਵਿਰੋਧ ਦਾ ਪ੍ਰਗਟਾਵਾ ਕੀਤਾ ਗਿਆ।
ਸਥਾਨਕ ਭੰਡਾਰੀ ਪੁਲ ’ਤੇ ਕੀਤੀ ਇਸ ਰੈਲੀ ਨੂੰ ਕਾਮਰੇਡ ਆਗੂ ਅਮਰਜੀਤ ਸਿੰਘ ਆਸਲ, ਵਿਜੈ ਮਿਸ਼ਰਾ, ਜਗਤਾਰ ਸਿੰਘ ਕਰਮਪੁਰਾ, ਦਸਵਿੰਦਰ ਕੌਰ, ਬਲਵਿੰਦਰ ਸਿੰਘ ਦੁਧਾਲਾ, ਗੁਰਨਾਮ ਸਿੰਘ ਦਾਊਦ, ਸਤਨਾਮ ਸਿੰਘ ਝੰਡੇਰ, ਹਰਦੀਪ ਕੋਟਲਾ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਸਾਨ ਅੰਦੋਲਨ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਸੜਕਾਂ ’ਤੇ ਬੈਠੇ ਹਨ। ਉਨ੍ਹਾਂ ਨੇ ਠੰਢੀਆਂ ਰਾਤਾਂ ਦੌਰਾਨ ਸਬਰ ਅਤੇ ਸ਼ਾਂਤੀ ਨਾਲ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਜਾਰੀ ਰੱਖਿਆ ਹੋਇਆ ਹੈ। ਇਸ ਦੌਰਾਨ 250 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਅਜੇ ਤਕ ਸੰਜੀਦਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਅੰਦੋਲਨ ਨੂੰ ਕੁਚਲਣਾ ਚਾਹੁੰਦੀ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਬੰਦ ਕਰਨ ਅਤੇ ਝੂਠੇ ਪਰਚੇ ਦਰਜ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ, ਖੇਤੀ ਕਾਨੂੰਨ ਰੱਦ ਕੀਤੇ ਜਾਣ, ਬਿਜਲੀ ਐਕਟ 2020 ਰੱਦ ਕੀਤਾ ਜਾਵੇ, ਫਸਲਾਂ ਦੇ ਖਰੀਦ ਮੁਲ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਬੁਲਾਰਿਆਂ ਨੇ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਇਨ੍ਹਾਂ ਵੱਧ ਰਹੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਦੀ ਵੀ ਮੰਗ ਕੀਤੀ। ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਖੱਬੇ-ਪੱਖੀ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੇ ਰਾਹ ਚਲ ਕੇ ਲੋਕ ਵਿਰੋਧੀ ਨੀਤੀਆਂ ਉਪਰ ਅਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤਕ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਮੌਕੇ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਅੰਮ੍ਰਿਤਸਰ ਤੋਂ ਔਰਤਾਂ ਦਾ ਵੱਡਾ ਕਾਫਲਾ ਦਿੱਲੀ ਲਿਜਾਣ ਦਾ ਵੀ ਐਲਾਨ ਕੀਤਾ ਗਿਆ।