ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦਾ ਮੁੱਖ ਦਫ਼ਤਰ ਆਮ ਵਾਂਗ ਖੁੱਲ੍ਹਾ ਰਿਹਾ ਹੈ ਅਤੇ ਮੁਲਾਜ਼ਮ ਵੀ ਕੰਮ ’ਤੇ ਹਾਜ਼ਰ ਸਨ। ਇਸ ਦੀ ਪੁਸ਼ਟੀ ਇਕ ਉੱਚ ਅਧਿਕਾਰੀ ਵੱਲੋਂ ਵੀ ਕੀਤੀ ਗਈ ਹੈ। ਭਾਵੇਂ ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਤਾਂ ਅੱਜ ਛੁੱਟੀ ਕੀਤੀ ਦਿੱਤੀ ਸੀ ਪਰ ਮੁੱਖ ਦਫ਼ਤਰ ਖੁੱਲ੍ਹਾ ਰਹਿਣ ਕਾਰਨ ਕਿਸਾਨਾਂ ’ਚ ਰੋਸ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲ ਕਰਨ ’ਤੇ ਕਿਹਾ ਕਿ ਉਹ ਦੋ ਦਿਨ ਤੋਂ ਸੂਬੇ ਤੋਂ ਬਾਹਰ ਹਨ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਸ਼੍ਰੋਮਣੀ ਕਮੇਟੀ ਕਿਸਾਨ ਮੋਰਚਿਆਂ ’ਚ ਲੰਗਰ ਲਗਾ ਰਹੀ ਹੈ ਪਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਖੋਂ-ਪਰੋਖੇ ਵੀ ਕਰ ਰਹੀ ਹੈ। ਦਫ਼ਤਰ ਖੁੱਲ੍ਹੇ ਰੱਖਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ ਕਿਉਂਕਿ ਵਧੇਰੇ ਮੁਲਾਜ਼ਮ ਕਿਸਾਨੀ ਕਿੱਤੇ ਨਾਲ ਜੁੜੇ ਹੋਏ ਹਨ।
ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ’ਤੇ ਵਿਅੰਗ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾਅਵਾ ਕਰਦੇ ਹਨ ਕਿ ਕਿਸਾਨ ਹਿੱਤਾਂ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੁਰਸੀ ਤਿਆਗ ਦਿੱਤੀ ਹੈ ਪਰ ਅੱਜ ਦੀ ਇਸ ਕਾਰਵਾਈ ਨਾਲ ਉਨ੍ਹਾਂ ਦਾ ਅਸਲ ਚਿਹਰਾ ਸਾਹਮਣੇ ਆ ਗਿਆ ਹੈ। ਇਸ ਦੌਰਾਨ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਨੇ ਅੱਜ ਕਿਸਾਨਾਂ ਦੇ ਸਮਰਥਨ ਵਿੱਚ ਆਪਣੇ ਸਮੂਹ ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਬੰਦ ਰੱਖੀਆਂ।