ਹਰਪ੍ਰੀਤ ਕੌਰ
ਹੁਸ਼ਿਆਰਪੁਰ, 6 ਨਵੰਬਰ
ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰ ਐਸੋਸੀਏਸ਼ਨ ਪੰਜਾਬ ਦਾ ਸਰਕਾਰੀ ਕਾਲਜ ’ਚ ਚੱਲ ਰਿਹਾ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ’ਚ ਆਮ ਆਦਮੀ ਪਾਰਟੀ ਦੇ ਨੇਤਾ ਬ੍ਰ੍ਰਹਮ ਸ਼ੰਕਰ ਜਿੰਪਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜਿੰਪਾ ਨੇ ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁਲਾਜ਼ਮਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰਕੇ ਉਨ੍ਹਾਂ ਦੇ ਰੋਸ ਨੂੰ ਖਤਮ ਕੀਤਾ ਜਾਵੇ। ਪੰਜਾਬ ਯੁਨੀਵਰਸਿਟੀ ਦੇ ਸੈਨੇਟ ਮੈਂਬਰ ਸੰਦੀਪ ਸੀਕਰੀ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫ਼ੈਕਲਟੀ ਵਿਰੁੱਧ ਸਰਕਾਰ ਨੇ ਨਵੀਂਆਂ ਅਸਾਮੀਆਂ ਪ੍ਰਕਾਸ਼ਿਤ ਕਰਕੇ ਉਨ੍ਹਾਂ ਦਾ ਰੁਜ਼ਗਾਰ ਖੋਹਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗੈਲਟ ਫ਼ੈਕਲਟੀ ਅਧਿਆਪਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਬਾਕੀ ਵਿਭਾਗਾਂ ਵਾਂਗ ਗੈਸਟ ਫ਼ੈਕਲਟੀ ਅਧਿਆਪਕਾਵਾਂ ਨੂੰ ਵੀ ਪ੍ਰਸੂਤਾ ਛੁੱਟੀ ਅਤੇ ਹੋਰ ਸਾਰੇ ਲਾਭ ਦਿੱਤੇ ਜਾਣ। ਇਸ ਮੌਕੇ ਪਲਵਿੰਦਰ ਕੌਰ, ਸੰਜੀਵ ਬਾਂਸਲ, ਰਣਜੀਤ ਕੁਮਾਰ, ਜਸਵਿੰਦਰ ਸਿੰਘ, ਮੋਨਿਕਾ, ਕੁਲਵਿੰਦਰ ਕੌਰ, ਅੰਮ੍ਰਿਤਦੀਪ, ਭਾਗਿਆਸ਼੍ਰੀ, ਰਾਜਿੰਦਰ ਕੌਰ, ਅਨੁਰਾਧਾ, ਪ੍ਰਿਯੰਕਾ, ਗੁਰਵਿੰਦਰ ਕੌਰ ਆਦਿ ਹਾਜ਼ਰ ਸਨ।
ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਫੂਕੀ ਸਰਕਾਰ ਦੇ ਲਾਰਿਆਂ ਦੀ ਪੰਡ
ਅੰਮ੍ਰਿਤਸਰ (ਪੱਤਰ ਪ੍ਰੇਰਕ) ਅੱਜ ਇਥੇ ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਪ੍ਰੋਫੈਸਰ ਹਰਕਮਲ ਚੁੱਘ ਦੀ ਅਗਵਾਈ ’ਚ ਕਾਲਜ ਗੇਟ ’ਤੇ ਰੋਸ ਪ੍ਰਦਰਸ਼ਨ ਕੀਤਾ ਤੇ ਰੈਲੀ ਕੀਤੀ। ਇਸ ਮੌਕੇ ਚੰਨੀ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਕਾਲਜ ਦੇ ਪ੍ਰੋਫੈਸਰ ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਕਾਂਗਰਸ ਦੇ ਲਾਰਿਆਂ ਦੀ ਪੰਡ ਫੂਕੀ ਗਈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਅਤ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ 906 ਗੈਸਟ ਪ੍ਰੋਫੈਸਰ ਕੰਮ ਕਰ ਰਹੇ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਸਰਕਾਰੀ ਕਾਲਜਾਂ ਨੂੰ ਚਲਾਉਣ ਵਿੱਚ ਲਾਇਆ ਹੈ। ਪ੍ਰੋਫੈਸਰ ਚੁੱਘ ਨੇ ਕਿਹਾ ਕਿ ਜੇ ਸਰਕਾਰ ਨੇ ਛੇਤੀ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਤੇ ਤਨਖਾਹ 56100 ਰੁਪਏ ਸਰਕਾਰੀ ਖਜ਼ਾਨੇ ਵਿੱਚੋਂ ਦੇਣ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਉਹ ਕੋਈ ਗੁਪਤ ਐਕਸ਼ਨ ਦੇ ਨਾਲ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।