ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਮਈ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਦੀਪਕ ਕੁਮਾਰ ਅਤੇ ਮੈਂਬਰ ਰਾਜ ਕੁਮਾਰ ਹੰਸ ਨੇ ਬੱਚਤ ਭਵਨ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਸ਼ਿਕਾਇਤਾਂ ਦੀ ਪੜਤਾਲ ਕੀਤੀ। ਇਸ ਮੌਕੇ ਕਮਿਸ਼ਨ ਮੈਂਬਰਾਂ ਨੇ ਕਿਹਾ ਕਿ ਐੱਸ.ਸੀ ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ ਅਤੇ ਜਿਹੜੇ ਪੁਲੀਸ ਮੁਲਾਜ਼ਮ ਵੱਲੋਂ ਐੱਸ.ਸੀ ਕੇਸਾਂ ਵਿੱਚ ਲਾਪਰਵਾਹੀ ਵਰਤੀ ਜਾਵੇਗੀ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਦੀਪਕ ਕੁਮਾਰ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੱਖ-ਵੱਖ 6 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਇਨ੍ਹਾਂ ਵਿੱਚੋਂ ਇਕ ਦਰਸ਼ਨ ਕੌਰ ਪਿੰਡ ਭੈਣੀ ਲਿੱਧੜ ਥਾਣਾ ਮਜੀਠਾ ਦੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਨਾਲ ਧੱਕਾ ਕੀਤਾ ਗਿਆ ਹੈ ਅਤੇ ਉਸ ਦੇ ਬੱਚਿਆਂ ਦੀ ਜਾਨ ਨੂੰ ਖਤਰਾ ਹੈ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸੇ ਤਰ੍ਹਾਂ ਦੂਜੀ ਸ਼ਿਕਾਇਤ ਰਜਵੰਤ ਕੌਰ ਪਿੰਡ ਫੱਤੋਵਾਲ ਵੱਲੋਂ ਕੀਤੀ ਗਈ ਸੀ ਕਿ ਉਸ ਦੇ ਪਿੰਡ ਦੀ ਪੰਚਾਇਤੀ ਜ਼ਮੀਨ ’ਤੇ ਕੁਝ ਲੋਕਾਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ। ਇਕ ਹੋਰ ਸ਼ਿਕਾਇਤ ਅੰਗਰੇਜ਼ ਸਿੰਘ ਪਿੰਡ ਸੁਲਤਾਨਵਿੰਡ ਨੇ ਕੀਤੀ ਜਿਸ ਵਿੱਚ ਦੋਸ਼ ਲਗਾਇਆ ਕਿ ਉਸ ਦੇ ਲੜਕੇ ਨੂੰ ਤੇਲ ਪਾ ਕੇ ਜਿੰਦਾ ਸਾੜ ਦਿੱਤਾ ਗਿਆ ਸੀ। ਪੁਲੀਸ ਵੱਲੋਂ ਕਤਲ ਦਾ ਮੁਕਦਮਾ ਦਰਜ ਕੀਤਾ ਗਿਆ ਪ੍ਰੰਤੂ ਐੱਸ.ਸੀ ਐਕਟ ਦੀ ਧਾਰਾ ਨਹੀਂ ਲਗਾਈ ਗਈ। ਇਸ ’ਤੇ ਕਮਿਸ਼ਨ ਨੇ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੁਰਮ ਦੀ ਧਾਰਾ ਵਿੱਚ ਵਾਧਾ ਕੀਤਾ ਜਾਵੇ ਅਤੇ ਬਾਕੀ ਦੋਸ਼ੀਆਂ ਨੂੰ ਵੀ ਫੜਿਆ ਜਾਵੇ।
ਇਕ ਹੋਰ ਸ਼ਿਕਾਇਤ ਜਤਿੰਦਰਪਾਲ ਸਿੰਘ ਵਾਸੀ ਪਿੰਡ ਕੋਟਲਾ ਸੈਂਦਾਂ ਨੇ ਕੀਤੀ ਕਿ ਪਿੰਡ ਦੇ ਕੁਝ ਲੋਕਾਂ ਵੱਲੋਂ ਪੰਚਾਇਤੀ ਜ਼ਮੀਨ ’ਤੇ ਕਬਜਾ ਕਰ ਲਿਆ ਗਿਆ ਹੈ ਅਤੇ ਜ਼ਮੀਨ ਨੂੰ ਇਸ ਕਬਜ਼ੇ ਤੋਂ ਮੁਕਤ ਕੀਤਾ ਜਾਵੇ। ਇਕ ਹੋਰ ਸ਼ਿਕਾਇਤ ਮੋਨਾਲੀਸਾ ਵੱਲੋਂ ਕੀਤੀ ਗਈ ਕਿ ਉਸ ਨੇ ਅੰਤਰਜਾਤੀ ਵਿਆਹ ਕਰਵਾਇਆ ਸੀ ਪ੍ਰੰਤੂ ਉਸ ਦੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਦਵਿੰਦਰ ਸਿੰਘ ਵਾਸੀ ਭਿੱਟੇਵੱਢ ਵੱਲੋਂ ਕੀਤੀ ਸ਼ਿਕਾਇਤ ਉਹ ਮਜ਼੍ਹਬੀ ਸਿੱਖ ਹੈ ਅਤੇ ਦਿਵਿਆਂਗ ਵੀ ਹੈ, ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਉਸ ਦੀ ਦੁਕਾਨ ’ਤੇ ਆ ਕੇ ਜਾਤੀਸੂਚਕ ਸ਼ਬਦ ਬੋਲੇ ਗਏ ਅਤੇ ਮਾਰ ਕੁਟਾਈ ਵੀ ਕੀਤੀ ਗਈ, ਜਿਸ ਬਾਰੇ ਪੁਲੀਸ ਵੱਲੋਂ ਸ਼ਿਕਾਇਤ ਦਰਜ ਕਰਨ ’ਤੇ ਵੀ ਕੋਈ ਕਾਰਵਾਈ ਨਹੀਂ ਹੋ ਰਹੀ। ਇਨ੍ਹਾਂ ਸਾਰੀਆਂ ਸ਼ਿਕਾਇਤਾਂ ’ਤੇ ਕਮਿਸ਼ਨ ਨੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 27 ਮਈ ਤੱਕ ਇਨ੍ਹਾਂ ਸ਼ਿਕਾਇਤਾਂ ਦੀ ਸਟੇਟਸ ਰਿਪੋਰਟ ਕਮਿਸ਼ਨ ਨੂੰ ਪੇਸ਼ ਕੀਤੀ ਜਾਵੇ।