ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗਾ ਸ਼ੁਰੂ
SGPC ਵੱਲੋਂ ਲੋੜੀਂਦੇ ਪ੍ਰਬੰਧ ਮੁਕੰਮਲ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਭਲਕੇ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਲਈ ਪੰਥਕ ਰਵਾਇਤਾਂ ਅਨੁਸਾਰ ਆਰੰਭਤਾ ਹੋਵੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਦੂਜੇ ਪੜਾਅ ਤਹਿਤ ਖ਼ਾਲਸਾ ਮਾਰਚ ਮਾਲਵਾ ਅਤੇ ਪੁਆਧ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ 'ਚੋਂ ਹੁੰਦਾ ਹੋਇਆ 4 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੋਂ ਇਲਾਵਾ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਖ਼ਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਨਗੀਆਂ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਮੀਰੀ-ਪੀਰੀ ਖ਼ਾਲਸਾ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਤਹਿਤ ਕਈ ਅਹਿਮ ਏਜੰਡਿਆਂ ਉੱਤੇ ਕੰਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦਾ ਪ੍ਰਚਾਰ, ਕੌਮੀ ਏਕਤਾ ਦੀ ਮਜ਼ਬੂਤੀ, ਸਿੱਖੀ ਪ੍ਰਚਾਰ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਣਾ, ਸਿੱਖ ਇਤਿਹਾਸ ਨਾਲ ਜੋੜਣਾ, ਅੰਮ੍ਰਿਤ ਛਕਾਉਣਾ, ਸਮੂਹ ਪੰਜਾਬੀਆਂ ਨੂੰ ਪੰਜਾਬ ਅੰਦਰ ਹੀ ਸੱਚੀ-ਸੁੱਚੀ ਕਿਰਤ ਕਰਨ ਅਤੇ ਆਪਣੀਆਂ ਜ਼ਮੀਨਾਂ ਨਾ ਵੇਚਣ ਲਈ ਕਹਿਣਾ, ਬੱਚਿਆਂ ਨੂੰ ਹੁਨਰਮੰਦ ਬਣਾਉਣ ਤੇ ਸਿੱਖਿਅਤ ਕਰਨ ਲਈ ਪ੍ਰੇਰਿਤ ਕਰਨਾ, ਆਪਸੀ ਖਾਨਾਜੰਗੀ ਤੋਂ ਬਚਣਾ, ਧੀਆਂ ਦਾ ਸਤਿਕਾਰ ਕਰਨਾ, ਸਿੱਖਾਂ ਦੀ ਘੱਟਦੀ ਆਬਾਦੀ ਅਤੇ ਪੰਥ ਵਿਰੋਧੀ ਸੋਚ ਤੇ ਪ੍ਰਗਟਾਵਿਆਂ ਤੋਂ ਸੰਗਤ ਨੂੰ ਸੁਚੇਤ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਪਹਿਲੇ ਪੜਾਅ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਾਸਤੇ ਵੀ ਸਿੱਖ ਸੰਸਥਾ ਵੱਲੋਂ ਚੰਗੇ ਯਤਨ ਕੀਤੇ ਜਾ ਰਹੇ ਹਨ।
ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਖ਼ਾਲਸਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਾ ਸੀ, ਜਿੱਥੇ ਭਲਕੇ 23 ਅਗਸਤ ਨੂੰ ਦੂਜਾ ਪੜਾਅ ਸ਼ੁਰੂ ਹੋਵੇਗਾ।

