ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਅਪਰੈਲ
ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਪਸਾਰ ਵਾਸਤੇ ਦੇਸ਼ ਭਰ ਵਿੱਚ ਨਵੰਬਰ 2023 ਵਿਚ ਲਈ ਗਈ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਹ ਨਤੀਜਾ ਜਾਰੀ ਕੀਤਾ। ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਵਜੀਫੇ ਦੀ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਵੀ ਦਿੱਤਾ ਜਾਵੇਗਾ। ਸਕੱਤਰ ਸ੍ਰੀ ਕਾਹਲਵਾਂ ਨੇ ਕਿਹਾ ਕਿ ਇਸ ਸਾਲ ਨਵੰਬਰ 2023 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਵਿੱਚ ਦੋ ਦਰਜਿਆਂ ਅੰਦਰ 43803 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1549 ਵਿਦਿਆਰਥੀ ਨੇ ਵਜ਼ੀਫਾ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਇਨਾਮ ਰਾਸ਼ੀ ਦਿੱਤੀ ਜਾਵੇਗੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਤੇ ਇੰਚਾਰਜ ਜੋਗੇਸ਼ਵਰ ਸਿੰਘ ਹਾਜ਼ਰ ਸਨ।