ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਸਤੰਬਰ
ਗੁਰਦੁਆਰਾ ਰਾਮਸਰ ਸਥਿਤ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਮਈ 2016 ਨੂੰ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਕਾਰਨ ਹੋਈ ਬੇਅਦਬੀ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਇੱਕ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਲਿਖਿਆ ਕਿ ਉਸ ਵੇਲੇ ਉਨ੍ਹਾਂ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪਸ਼ਚਾਤਾਪ ਕਰਨ ਬਾਰੇ ਗੱਲ ਕੀਤੀ ਸੀ ਪਰ ਉਨ੍ਹਾਂ ਦੀ ਗੱਲ ਨੂੰ ਅਣਗੌਲਿਆਂ ਕਰ ਦਿੱਤਾ ਗਿਆ ਸੀ। ਇਸ ਦਾ ਹਵਾਲਾ ਸਵਰਗੀ ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਦੀ ਇਕ ਇੰਟਰਵਿਊ ਵਿਚ ਵੀ ਦਰਜ ਹੈ।
ਦੱਸਣਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ 2016 ਦੀ ਅੰਤ੍ਰਿੰਗ ਕਮੇਟੀ ਨੂੰ ਤਲਬ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪਸ਼ਚਾਤਾਪ ਨਹੀਂ ਕੀਤਾ ਸੀ। ਇਸ ਅੰਤ੍ਰਿੰਗ ਕਮੇਟੀ ਵਿਚ ਸੁਖਦੇਵ ਸਿੰਘ ਭੌਰ ਵੀ ਸ਼ਾਮਲ ਸਨ।