ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਜੂਨ
ਗੁਰੂ ਕੇ ਬਾਗ ਦੇ ਮੋਰਚੇ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਪਿੰਡ ਪੱਧਰ ਤੱਕ ਪਹੁੰਚ ਕਰੇਗੀ । ਹਰ ਹਲਕੇ ਵਿਚ ਇਕ ਵਿਸ਼ਾਲ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹੇ ਦੇ ਇਤਿਹਾਸਕ ਨਗਰ ਮਾਦੋਕੇ ਬਰਾੜ ਵਿੱਚ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ’ਚ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਮਾਝਾ, ਮਾਲਵਾ ਅਤੇ ਦੁਆਬਾ ਜੋਨਾਂ ਵਿਚ ਪ੍ਰਚਾਰਕ ਜਥਿਆਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ, ਜੋ ਹਰ ਪਿੰਡ, ਸ਼ਹਿਰ ਤੇ ਨਗਰ ਦੇ ਗੁਰੂ ਘਰਾਂ ਅੰਦਰ ਸਿੱਖੀ ਪ੍ਰਚਾਰ ਕਰਨਗੇ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਦੇ 40 ਪਿੰਡਾਂ ਅੰਦਰ ਗੁਰਮਤਿ ਕੈਂਪ ਲਗਾਉਣ ਮਗਰੋਂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਤਹਿਤ ਵਿਸ਼ਾਲ ਗੁਰਮਤਿ ਸਮਾਗਮ ਹੋਣਗੇ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੀਤ ਕੌਰ, ਰਣਬੀਰ ਸਿੰਘ ਲੋਪੋਕੇ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ 200 ਵਿਅਕਤੀ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ਼, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਸੁੱਖਾ ਸਿੰਘ, ਬਾਬਾ ਰਘਬੀਰ ਸਿੰਘ, ਹਰਵਿੰਦਰ ਸਿੰਘ ਮੈਨੇਜਰ, ਪ੍ਰੋ. ਕੁਲਰਾਜ ਸਿੰਘ, ਨਿਰਵੈਲ ਸਿੰਘ ਹੈੱਡ ਗ੍ਰੰਥੀ, ਪ੍ਰਗਟ ਸਿੰਘ ਸਰਪੰਚ, ਸਵਿੰਦਰ ਸਿੰਘ ਹਾਜ਼ਰ ਸਨ।