ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਅਕਤੂਬਰ
ਕਿਸਾਨ ਮਜ਼ਦੂਰ ਜਥੇਬੰਦੀ ਨੇ ਕਿਸਾਨਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਵਰਣ ਸਿੰਘ ਪੰਧੇਰ ਨੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਦੋ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ ਤੇ ਜ਼ੋਰਦਾਰ ਮੰਗ ਕੀਤੀ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਸਾਰੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਸੱਤ ਮਹੀਨਿਆਂ ਵਿਚ ਹੀ ਪੰਜਾਬ ਦੇ ਲੋਕਾਂ ਦੇ ਮਨਾਂ ’ਚੋਂ ਲਹਿ ਚੁੱਕੀ ਹੈ ਤੇ ਚੋਣ ਵਾਅਦਿਆਂ ਤੋਂ ਮੁਕਰ ਰਹੀ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ਿਆਂ ’ਤੇ ਲਕੀਰ ਫੇਰਨ ਦੀ ਮੰਗ ਕਰਦਿਆਂ ਐਲਾਨ ਕੀਤਾ ਕਿ ਕਰਜ਼ੇ ਉਗਰਾਹੁਣ ਆਏ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।