ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜਨਵਰੀ
ਜਲੰਧਰ ਤੋਂ ਲੋਹੜੀ ਮਨਾਉਣ ਆਏ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ ਅਤੇ ਇਸ ਸਬੰਧ ਵਿੱਚ ਥਾਣਾ ਸਦਰ ਵਿਖੇ ਕੇਸ ਦਰਜ ਕੀਤਾ ਗਿਆ। ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਗੁਰਸੇਵਕ ਸਿੰਘ ਵਜੋਂ ਹੋਈ ਹੈ ਜਦੋਂਕਿ ਇਸ ਮਾਮਲੇ ਵਿੱਚ ਪੁਲੀਸ ਨੇ ਨਵਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ ਲੱਕੀ ਨੂੰ ਆਈਪੀਸੀ ਦੀ ਧਾਰਾ 307, 34 ਅਤੇ ਅਸਲਾ ਐਕਟ ਦੀ ਧਾਰਾ 25, 54, 59 ਹੇਠ ਕੇਸ ਦਰਜ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜ਼ਖ਼ਮੀ ਹੋਏ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਵਿਆਹ ਮਗਰੋਂ ਪਿਛਲੇ ਚਾਰ ਮਹੀਨਿਆਂ ਤੋਂ ਜਲੰਧਰ ਵਿਖੇ ਆਪਣੀ ਪਤਨੀ ਨਾਲ ਰਹਿ ਰਿਹਾ ਹੈ। ਲੋਹੜੀ ਤੋਂ ਇਕ ਦਿਨ ਪਹਿਲਾਂ 12 ਜਨਵਰੀ ਨੂੰ ਉਸਦਾ ਬੇਟਾ ਅਤੇ ਨੁੰਹ ਦੋਵੇਂ ਲੋਹੜੀ ਮਨਾਉਣ ਵਾਸਤੇ ਆਏ ਸਨ। ਉਸ ਨੇ ਦੱਸਿਆ ਕਿ ਰਾਤ ਕਰੀਬ 11.30 ਵਜੇ ਅਰਦਸ਼ਦੀਪ ਸਿੰਘ ਉਨ੍ਹਾਂ ਦੇ ਘਰ ਆਇਆ ਅਤੇ ਉਸਦੇ ਬੇਟੇ ਨੂੰ ਨਵਦੀਪ ਸਿੰਘ ਦੇ ਘਰ ਲੈ ਗਿਆ। ਉਸ ਨੇ ਦੱਸਿਆ ਕਿ ਗੁਰਸੇਵਕ ਆਪਣੇ ਨਾਲ ਇੱਕ ਹੋਰ ਦੋਸਤ ਸਾਹਿਲ ਨੂੰ ਨਾਲ ਲੈ ਕੇ ਗਿਆ ਸੀ। ਦੇਰ ਰਾਤ ਲਗਪਗ 1 ਵਜੇ ਉਸ ਨੂੰ ਪਤਾ ਲੱਗਾ ਕਿ ਉਸ ਦਾ ਬੇਟਾ ਜ਼ਖ਼ਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਸਵੇਰੇ ਉਸ ਦੀ ਹਾਲਤ ਵਿਗੜ ਗਈ ਅਤੇ ਉਸਨੂੰ ਹੋਰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਉਸ ਨੇ ਦੱਸਿਆ ਕਿ ਗੁਰਸੇਵਕ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਨੂੰ ਧੋਖੇ ਨਾਲ ਬੁਲਾਇਆ ਗਿਆ ਸੀ ਅਤੇ ਮੌਕੇ ’ਤੇ ਝਗੜਾ ਕੀਤਾ ਗਿਆ। ਇਸ ਝਗੜੇ ਦੌਰਾਨ ਨਵਦੀਪ ਸਿੰਘ ਨੇ ਰਿਵਾਲਵਰ ਕੱਢ ਲਈ ਅਤੇ ਗੁਰਸੇਵਕ ਦੇ ਪੇਟ ਵਿੱਚ ਗੋਲੀ ਮਾਰੀ। ਬਾਅਦ ਵਿੱਚ ਸਾਹਿਲ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿਚ ਦਾਖਲ ਕਰਾਇਆ। ਸਬ ਇੰਸਪੈਕਟਰ ਮਨਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਨਾਮਜ਼ਦ ਕੀਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਸ ਨੇ ਦੱਸਿਆ ਕਿ ਕਿਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਝਗੜਾ ਹੋਇਆ ਹੈ।