ਪਰਾਲੀ ਸਾੜਨ ਦੇ ਮਾਮਲਿਆਂ ’ਚ 67 ਫ਼ੀਸਦ ਕਮੀ ਆਈ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਬਿਜਾਈ ਤੱਕ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਹਿਯੋਗ ਕਰਨ ਲਈ ਲਗਾਤਾਰ ਫੀਲਡ ਵਿੱਚ ਸਰਗਰਮ ਰਹਿਣ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਜ਼ਾਹਿਰ ਕੀਤੀ ਕਿ ਕਿਸਾਨਾਂ ਦੇ ਸਹਿਯੋਗ ਅਤੇ ਵੱਖ ਵੱਖ ਵਿਭਾਗਾਂ ਦੀਆਂ ਕੋਸ਼ਿਸ਼ਾਂ ਸਦਕਾ ਇਸ ਸਾਲ ਅੱਜ ਤੱਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਰੀਬ 67 ਫੀਸਦ ਦੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦਿੱਤੇ ਗਏ ਵੇਰਵਿਆਂ ਅਨੁਸਾਰ ਪਿਛਲੇ ਸਾਲ 25 ਅਕਤੂਬਰ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 472 ਥਾਵਾਂ ਉੱਤੇ ਪਰਾਲੀ ਨੂੰ ਅੱਗ ਲਗਾਈ ਜਾ ਚੁੱਕੀ ਸੀ, ਜਦ ਕਿ ਇਸ ਸਾਲ ਕੇਵਲ 154 ਸਥਾਨਾਂ ਉੱਤੇ ਅੱਗ ਲੱਗਣ ਦੀ ਪੁਸ਼ਟੀ ਹੋਈ ਹੈ।
ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸੁਖਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗਠਿਤ ਕੀਤੀ ਗਈ ਫੋਰਸ ਵੱਲੋਂ ਹਰ ਉਸ ਸਥਾਨ ਦਾ ਦੌਰਾ ਕੀਤਾ ਗਿਆ ਹੈ ਜਿੱਥੇ ਸੈਟੇਲਾਈਟ ਨੇ ਅੱਗ ਲੱਗਣ ਦੀ ਸੂਚਨਾ ਦਿੱਤੀ ਸੀ । ਉਨ੍ਹਾਂ ਦੱਸਿਆ ਕਿ 154 ਥਾਵਾਂ ਉੱਤੇ ਅੱਗ ਲੱਗਣ ਦੀ ਪੁਸ਼ਟੀ ਹੋਈ ਸੀ ਜਿਨ੍ਹਾਂ ਵਿੱਚ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵੇਲੇ 74 ਬੇਲਰ ਪਰਾਲੀ ਪ੍ਰਬੰਧਨ ਦੀਆਂ ਕੰਮ ਵਿੱਚ ਲੱਗੇ ਹੋਏ ਹਨ ਅਤੇ ਇਨ੍ਹਾਂ ਨੇ 50 ਹਜ਼ਾਰ ਹੈਕਟੇਰ ਤੋਂ ਵੱਧ ਦਾ ਰਕਬਾ ਕਵਰ ਕਰ ਲਿਆ ਹੈ। ਇਸੇ ਤਰ੍ਹਾਂ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਜਾਈ ਕਰਨ ਲਈ 1251 ਇਨ ਸੀਟੂ ਮਸ਼ੀਨਰੀ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਕਰੀਬ 65878 ਹੈਕਟੇਅਰ ਰਕਬਾ ਸਾਂਭਿਆ ਹੈ।
