DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ ਪਾਕਿ ਵਿਚਾਲੇ ਕ੍ਰਿਕਟ ਮੈਚ ਹੋ ਸਕਦਾ ਹੈ, ਸਿੱਖ ਸ਼ਰਧਾਲੂ ਗੁਰਪੁਰਬ ਲਈ ਪਾਕਿਸਤਾਨ ਕਿਉਂ ਨਹੀਂ ਜਾ ਸਕਦੇ: ਜਥੇਦਾਰ

ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲੋੜੀਂਦੀ ਪ੍ਰਵਾਨਗੀ ਦੇਣ ਲਈ ਕਿਹਾ; ਸਿੱਖ ਜਥੇਬੰਦੀਆਂ ਨੇ ਵੀ ਸਰਕਾਰ ਨੂੰ ਕੀਤੀ ਅਪੀਲ
  • fb
  • twitter
  • whatsapp
  • whatsapp
featured-img featured-img
ਪਾਕਿਸਤਾਨ ਵਿਚ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੀਆਂ ਸਿੱਖ ਬੀਬੀਆਂ ਦੀ ਸੰਕੇਤਕ ਤਸਵੀਰ।
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ ਜਾ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਪਰ ਭਾਰਤ ਸਰਕਾਰ ਵੱਲੋਂ ਇਸ ਵਾਰ ਲਏ ਗਏ ਫ਼ੈਸਲੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਸਮਾਗਮਾਂ ਵਿੱਚ ਸ਼ਮੂਲੀਅਤ ਤੋਂ ਸਿੱਖ ਸੰਗਤ ਨੂੰ ਵਾਂਝੇ ਰੱਖਣਾ ਬਿਲਕੁਲ ਗਲਤ ਹੈ।

Advertisement

ਸਿੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦਿੱਤੀ ਜਾਵੇ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅੰਡਰ ਸੈਕਟਰੀ ਵੱਲੋਂ ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਉੱਤਰਾਖੰਡ, ਦਿੱਲੀ ਆਦਿ ਰਾਜਾਂ ਦੇ ਪ੍ਰਮੁੱਖ ਸਕੱਤਰਾਂ ਨੂੰ ਇੱਕ ਪੱਤਰ ਭੇਜ ਕੇ ਆਖਿਆ ਗਿਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਮੌਜੂਦਾ ਹਾਲਾਤ ਅਤੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭੇਜਣਾ ਸੰਭਵ ਨਹੀਂ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਇਸ ਐਡਵਾਈਜ਼ਰੀ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਕੇਂਦਰ ਸਰਕਾਰ ’ਤੇ ਸਿੱਖ ਭਾਵਨਾਵਾਂ ਨੂੰ ਅਣਗੌਲਿਆ ਕੀਤੇ ਜਾਣ ਦਾ ਦੋਸ਼ ਲਾਇਆ ਗਿਆ। ਏਸ਼ੀਆ ਕੱਪ ਵਿਚ ਭਾਰਤ ਤੇ ਪਾਕਿਸਤਾਨ ਦਰਮਿਆਨ ਖੇਡੇ ਗਏ ਕ੍ਰਿਕਟ ਮੈਚ ਦਾ ਹਵਾਲਾ ਦਿੰਦਿਆਂ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ’ਤੇ ਨਤਮਸਤਕ ਹੋਣ ਲਈ ਜਾਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਐਡਵਾਈਜ਼ਰੀ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ।

ਨਵੇਂ ਗਠਤ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਪਾਕਿਸਤਾਨ ਦਰਮਿਆਨ ਮੈਚ ਹੋ ਸਕਦਾ ਤਾਂ ਸਿੱਖ ਯਾਤਰੀਆਂ ’ਤੇ ਪਾਬੰਦੀ ਕਿਉਂ। ਉਨ੍ਹਾਂ ਕਿਹਾ ਕਿ ਜੰਗ ਦੀ ਆੜ ਵਿਚ ਕਰਤਾਰਪੁਰ ਕੋਰੀਡੋਰ ਨਾ ਖੋਲ੍ਹਣਾ ਭਾਰਤ ਸਰਕਾਰ ਦੀ ਸਿੱਖਾਂ ਪ੍ਰਤੀ ਬੇਈਮਾਨੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਭਾਰਤ ਪਾਕਿਸਤਾਨ ਦਰਮਿਆਨ ਹੋਈਆ ਤਿੰਨ ਜੰਗਾਂ ਦੌਰਾਨ ਵੀ ਯਾਤਰਾ ਨਹੀਂ ਰੋਕੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਦੇ ਮਾਮਲੇ ਵਿੱਚ ਏਜੰਸੀਆਂ ਸਰਕਾਰ ਨੂੰ ਗੁਮਰਾਹ ਕਰ ਰਹੀਆਂ ਹਨ। ਇਸ ਤਰ੍ਹਾਂ ਦੀ ਪਾਬੰਦੀ ਮੁਗਲ ਕਾਲ ਸਮੇਂ ਵੀ ਨਹੀਂ ਲੱਗੀ।

Advertisement
×