ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੂਨ
ਖਾਲਸਾ ਕਾਲਜ ਦੇ ਬਾਹਰ ਗੋਲੀਆਂ ਚੱਲਣ ਦੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਤਿੰਨ ਦਿਨ ਬਾਅਦ ਪੁਲੀਸ ਨੇ ਕੁੜੀ ਸਮੇਤ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਬੁੱਧਵਾਰ ਬਾਅਦ ਦੁਪਹਿਰ ਵੇਲੇ ਵਾਪਰੀ ਇਸ ਘਟਨਾ ਵਿੱਚ ਬਟਾਲਾ ਵਾਸੀ ਲਵਪ੍ਰੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਜਦੋਂ ਕਿ ਉਸ ਦਾ ਇਕ ਸਾਥੀ ਗੁਰਸਿਮਰਨ ਸਿੰਘ ਜ਼ਖਮੀ ਹੋ ਗਿਆ ਸੀ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਸ਼ਹਿਰ ਵਿੱਚ ਘੱਲੂਘਾਰਾ ਦਿਵਸ ਸਬੰਧੀ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਮਨਿੰਦਰ ਸਿੰਘ ਵਾਸੀ ਪਿੰਡ ਸ਼ਹਿਜਾਦਾ (ਅਜਨਾਲਾ), ਜਸ਼ਨ ਕੁਮਾਰ ਵਾਸੀ ਕੋਟ ਖਾਲਸਾ ਅਤੇ ਇਕ ਕੁੜੀ ਸ਼ਾਮਲ ਹੈ, ਜਿਸ ਦੀ ਸ਼ਨਾਖਤ ਜਨਤਕ ਨਹੀਂ ਕੀਤੀ ਗਈ। ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਅੱਜ ਸ਼ਾਮ ਨੂੰ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੱਤੀ ਕਿ ਇਸ ਕੇਸ ਵਿੱਚ ਨਾਮਜ਼ਦ ਬਾਕੀ ਸ਼ੱਕੀ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਗ੍ਰਿਫਤਾਰ ਕੀਤੀ ਲੜਕੀ ਦੀ ਭੂਮਿਕਾ ਬਾਰੇ ਵੀ ਪਤਾ ਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਫਿਲਹਾਲ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਗੁਰਜੀਤ ਸਿੰਘ ਵਾਸੀ ਸ਼ੇਖੂਪੁਰਾ, ਮਨਜਿੰਦਰ ਸਿੰਘ ਵਾਸੀ ਚਵਿੰਡਾ ਦੇਵੀ ਅਤੇ ਰਵਿੰਦਰ ਸਿੰਘ ਸ਼ਾਮਲ ਹਨ। ਪੁਲੀਸ ਕਮਿਸ਼ਨਰ ਨੇ ਮੁੜ ਸਪੱਸ਼ਟ ਕੀਤਾ ਕਿ ਇਹ ਝਗੜਾ ਇਨ੍ਹਾਂ ਦੀ ਨਿੱਜੀ ਦੁਸ਼ਮਣੀ ਦਾ ਮਾਮਲਾ ਹੈ, ਜੋ ਇਕ ਕੁੜੀ ਨੂੰ ਲੈ ਕੇ ਹੋਇਆ ਸੀ।