2 ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਅਤੇ 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਡੀਜੀਪੀ ਨੇ ਕਿਹਾ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ।
ਇਸ ਸਬੰਧੀ ਥਾਣਾ ਗੇਟ ਹਕੀਮਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗਠਜੋੜ ਦਾ ਪੂਰੀ ਤਰਾਂ ਪਰਦਾਫਾਸ਼ ਕੀਤਾ ਜਾ ਸਕੇ।
ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਨੂੰ ਪਹਿਲਾਂ ਮੋਟਰਸਾਈਕਲ ਅਤੇ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਦੇ ਖੁਲਾਸੇ ’ਤੇ ਪੁਲੀਸ ਨੇ ਨਿਰਧਾਰਤ ਸਥਾਨ ਤੋਂ 1.8 ਕਿਲੋਗ੍ਰਾਮ ਹੋਰ ਹੈਰੋਇਨ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ। ਇਸ ਸਬੰਧ ਵਿੱਚ ਪੁਲੀਸ ਸਟੇਸ਼ਨ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ, 27ਏ, 27ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।