ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਸਤੰਬਰ
ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਲੋਕਾਂ ਨੂੰ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸਿਆਸੀ ਆਗੂਆਂ ਨੂੰ ਸਵਾਲਾਂ ਦੇ ਕਟਿਹਰੇ ਵਿੱਚ ਖੜ੍ਹਾ ਕਰਨ ਲਈ ਲੋਕਾਂ ਨੂੰ ਲਾਮਬੰਦ ਕਰਨ ਦੇ ਮੰਤਵ ਨਾਲ ਹੋਲੀ ਸਿਟੀ ਫਾਰਮਰਜ਼ ਗਰੁੱਪ ਵਲੋਂ ਸ਼ਹਿਰ ਵਿੱਚ ਕਿਸਾਨ ਰੋਸ ਮਾਰਚ ਕੱਢਿਆ ਗਿਆ।
ਸ਼ਹਿਰ ਅਤੇ ਪਿੰਡਾਂ ਤੋਂ ਕਿਸਾਨ ਟਰੈਕਟਰਾਂ ਅਤੇ ਗੱਡੀਆਂ ਵਿੱਚ ਸਵਾਰ ਹੋ ਕੇ ਇਸ ਮਾਰਚ ਵਿੱਚ ਸ਼ਾਮਲ ਹੋਏ । ਔਰਤਾਂ ਵੱਲੋਂ ਇਸ ਮਾਰਚ ਵਿੱਚ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਗਈ। ਲੋਕਾਂ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਮਾਰਚ ਦੀ ਅਗਵਾਈ ਕਰ ਰਹੇ ਕਿਸਾਨ ਸਮਰਥਕ ਰਾਜਨ ਮਾਨ, ਗੁਰਦੇਵ ਸਿੰਘ ਮਾਹਲ, ਤੇਜਬੀਰ ਸਿੰਘ ਮਾਨ, ਸਾਬਕਾ ਉਪਕੁਲਪਤੀ ਡਾ ਐੱਮ .ਪੀ .ਐੱਸ .ਈਸ਼ਰ, ਸਿਕੰਦਰ ਸਿੰਘ ਗਿੱਲ, ਰਣਜੀਤ ਸਿੰਘ ਰਾਣਾ, ਮਾਸਟਰ ਮਲਰਾਜ ਸਿੰਘ ਹੇਰ, ਲਾਲੀ ਸਹਬਿਾਜ਼ਪੁਰੀ , ਰਮਨਪ੍ਰੀਤ ਸਿੰਘ ਬਾਜਵਾ ਆਦਿ ਨੇ ਕੀਤੀ ।
ਬੁਲਾਰਿਆਂ ਨੇ ਮਰਦਾਂ, ਔਰਤਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਬਾਰਡਰ ਉੱਤੇ ਚੱਲ ਰਹੇ ਮੋਰਚਿਆਂ ਵਿੱਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ । ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਰਿਆਣਾ ਦੇ ਕਿਸਾਨਾਂ ’ਤੇ ਦੇਸ਼ ਧ੍ਰੋਹ ਦੇ ਪਰਚੇ ਦਰਜ ਕੀਤੇ ਹਨ ਅਤੇ ਕਿਸਾਨਾਂ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਅੰਦੋਲਨ ’ਤੇ ਅਨੇਕਾਂ ਤਰ੍ਹਾਂ ਦੇ ਬੁਨਿਆਦ ਦੋਸ਼ ਲਾ ਕੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਕਿਸਾਨਾਂ ਨੇ ਵਿੱਚ ਚੇਤਾਵਨੀ ਦਿੱਤੀ ਕੇ ਜੇ ਕਿਸਾਨਾਂ ਤੇ ਦਰਜ ਝੂਠੇ ਕੇਸ ਵਾਪਸ ਨਾ ਲਏ ਤਾਂ ਭਾਜਪਾ ਆਗੂਆਂ ਦਾ ਘਰਾਂ ਵਿੱਚੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ।