ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਮਈ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਹੜਤਾਲ ’ਤੇ ਬੈਠੇ ਮਿਨੀ ਬੱਸ ਅਪਰੇਟਰਾਂ ਨੇ ਅੱਜ ਸ਼ਾਮ ਟਰਾਂਸਪੋਰਟ ਮੰਤਰੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ।
ਅੱਜ ਸ਼ਾਮ ਬੱਸ ਅੱਡੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਭੁੱਲਰ ਨੇ ਇੱਥੇ ਹੜਤਾਲ ’ਤੇ ਬੈਠੇ ਮਿਨੀ ਬੱਸ ਅਪਰੇਟਰਾਂ ਤੇ ਮਾਲਕਾਂ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮਿਨੀ ਬੱਸਾਂ ਦੇ ਪਰਮਿਟ ਹਾਈ ਕੋਰਟ ਵੱਲੋਂ ਰੱਦ ਕੀਤੇ ਗਏ ਹਨ ਅਤੇ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ‘ਆਪ’ ਸਰਕਾਰ ਉਨ੍ਹਾਂ ਦੀਆਂ ਬੱਸਾਂ ਦੇ ਪਰਮਿਟ ਬਹਾਲ ਕਰਨ ਵਿੱਚ ਅਸਮਰਥ ਹੈ। ਉਨ੍ਹਾਂ ਨੇ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੀ ‘ਆਪ’ ਸਰਕਾਰ ਕਿਸੇ ਦਾ ਵੀ ਰੁਜ਼ਗਾਰ ਬੰਦ ਨਹੀਂ ਕਰਨਾ ਚਾਹੁੰਦੀ। ਇਸ ਲਈ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਚਰਚਾ ਕਰਨਗੇ ਅਤੇ ਬਾਅਦ ਵਿੱਚ ਮੁੱਖ ਮੰਤਰੀ ਕੋਲ ਮਾਮਲਾ ਰੱਖਿਆ ਜਾਵੇਗਾ। ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਸਰਕਾਰੀ ਬੁਲਾਰੇ ਨੇ ਦਾਅਵਾ ਕੀਤਾ ਕਿ ਇਸ ਭਰੋਸੇ ਤੋਂ ਬਾਅਦ ਹੜਤਾਲੀ ਮਿਨੀ ਬੱਸ ਮਾਲਕਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ। ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਾਉਣ ਮਗਰੋਂ ਟਰਾਂਸਪੋਰਟ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।