ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਸ਼ੁਰੂ ਕੀਤੀ ਗਈ ਮੁਹਿੰਮ ‘ਹਰ ਘਰ ਤਿਰੰਗਾ’ ਤਹਿਤ ਇਸ ਵਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਹਰੇਕ ਘਰ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧ ’ਚ ਤਿਆਰੀ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਇਸ ਮੁਹਿੰਮ ਨੂੰ ਸਿਰੇ ਚਾੜ੍ਹਨ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਕੰਮ ਕਰਨ ਦੀ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਪੈਂਦੇ ਘਰਾਂ ਦੀ ਗਿਣਤੀ ਅਨੁਸਾਰ ਤਿਰੰਗੇ ਝੰਡਿਆਂ ਦਾ ਪ੍ਰਬੰਧ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਿੰਡਾਂ ਤੇ ਸ਼ਹਿਰਾਂ ਦੇ ਮੋਹਤਬਰਾਂ, ਮੀਡੀਆ ਕਰਮੀਆਂ, ਸਕੂਲਾਂ, ਕਾਲਜਾਂ, ਤਕਨੀਕੀ ਸੰਸਥਾਵਾਂ ਦਾ ਵੀ ਸਾਥ ਲੈਣ ਦੀ ਹਦਾਇਤ ਕੀਤੀ। -ਪੱਤਰ ਪ੍ਰੇਰਕ