ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਸਤੰਬਰ
ਕਰਿਆਣਾ ਅਤੇ ਜਨਰਲ ਸਟੋਰਾਂ ’ਤੇ ਲੁੱਟਾਂ ਖੋਹਾਂ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ ਦੋਵਾਂ ਦੀ ਗ੍ਰਿਫ਼ਤਾਰੀ ਨਾਲ ਪੁਲੀਸ ਨੇ ਲੁੱਟਾਂ ਖੋਹਾਂ ਦੇ ਅੱਠ ਮਾਮਲੇ ਹੱਲ ਕਰ ਲੈਣ ਦਾ ਦਾਅਵਾ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਇਨ੍ਹਾਂ ਦੋਵਾਂ ਵਿਅਕਤੀਆਂ ਦੀ ਸ਼ਨਾਖਤ ਪ੍ਰਿੰਸ ਵਾਸੀ ਨਿਊ ਆਜ਼ਾਦ ਨਗਰ ਅਤੇ ਅਮਨਦੀਪ ਸਿੰਘ ਵਾਸੀ ਬਾਗ ਰਾਮਾਨੰਦ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦੇਸੀ ਪਿਸਤੌਲ, ਕਾਰਤੂਸ, ਖੋਹੇ ਹੋਏ ਤਿੰਨ ਮੋਬਾਈਲ ਫੋਨ, 9100 ਰੁਪਏ ਦੀ ਨਕਦੀ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲੀਸ ਕਮਿਸ਼ਨਰ ਵਿਕਰਮ ਜੀਤ ਦੁੱਗਲ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਇਹ ਦੋਵੇਂ ਨਸ਼ੇ ਦੇ ਆਦੀ ਹਨ। ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਦੀ ਨਿਗਰਾਨੀ ਪੁਲੀਸ ਦੇ ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ,ਵਧੀਕ ਡਿਪਟੀ ਕਮਿਸ਼ਨਰ ਜੁਗਰਾਜ ਸਿੰਘ ਅਤੇ ਸੰਦੀਪ ਮਲਿਕ ਵੱਲੋਂ ਕੀਤੀ ਗਈ , ਇਨ੍ਹਾਂ ਦੋਵਾਂ ਨੂੰ ਬੀਤੀ ਅੱਧੀ ਰਾਤ ਇਨ੍ਹਾਂ ਦੇ ਘਰਾਂ ਵਿੱਚੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਸ਼ਨਾਖਤ ਕੁਲਦੀਪ ਸਿੰਘ ਅਤੇ ਕਰਨਬੀਰ ਸਿੰਘ ਵਜੋਂ ਹੋਈ ਹੈ।