ਅੰਮ੍ਰਿਤਸਰ ਦਿਹਾਤੀ ਪੁਲੀਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ।
ਡੀ ਜੀ ਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐੱਸ ਐੱਸ ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਘਰਿੰਡਾ ਖੇਤਰ ਵਿੱਚ ਸਪਲਾਈ ਕਰਨ ਵਾਲੇ ਹਨ। ਪ੍ਰਾਪਤ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਨੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ।
ਐੱਸ ਐੱਸ ਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨ ਡੀ ਪੀ ਐੱਸ ਐਕਟ ਦੀ ਧਾਰਾ 21 ਤਹਿਤ ਕੇਸ ਦਰਜ ਕੀਤਾ ਗਿਆ ਹੈ।

