ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਅਗਸਤ
ਗੈਂਗਸਟਰਾਂ ਦੇ ਨਾਂ ’ਤੇ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਬਿਹਾਰ ਨਾਲ ਸਬੰਧਿਤ ਦੋ ਵਿਅਕਤੀਆਂ ਨੂੰ ਪੰਜਾਬ ਪੁਲੀਸ ਨੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁੱਛਗਿੱਛ ਲਈ ਦੋ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਬਿਹਾਰ ਵਾਸੀਆਂ ਵਿੱਚ ਪਰਨੀਸ਼ ਕੁਮਾਰ ਅਤੇ ਵਿਕਾਸ ਕੁਮਾਰ ਸ਼ਾਮਲ ਹਨ ਜੋ ਕਿ ਪੂਰਬੀ ਚੰਪਾਰਨ ਜ਼ਿਲ੍ਹੇ ਨਾਲ ਸਬੰਧਤ ਹਨ। ਪੁਲੀਸ ਨੇ ਇਨ੍ਹਾਂ ਕੋਲੋਂ ਅਜਿਹੀਆਂ ਘਟਨਾਵਾਂ ਲਈ ਵਰਤੇ ਜਾਂਦੇ ਲੈਪਟਾਪ, ਮੋਬਾਈਲ ਫੋਨ ਅਤੇ ਜਾਅਲੀ ਸ਼ਨਾਖਤੀ ਕਾਰਡ ਆਦਿ ਬਰਾਮਦ ਕੀਤੇ ਹਨ।
ਇਸ ਸਬੰਧੀ ਪੁਲੀਸ ਦੇ ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਟੀਮ ਨੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਪੁਲੀਸ ਰਿਮਾਂਡ ਲਿਆ ਹੈ।
ਮੁੱਢਲੀ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਕਿ ਇਸ ਗਰੋਹ ਦਾ ਮੁਖੀ ਮਜ਼ਹਰ ਖ਼ਾਨ ਇਸ ਵੇਲੇ ਮੱਧ ਪ੍ਰਦੇਸ਼ ਦੇ ਕਿਸੇ ਇਲਾਕੇ ਵਿੱਚ ਲੁਕਿਆ ਹੋਇਆ ਹੈ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਨ੍ਹਾਂ ਵੱਲੋਂ ਇੱਥੇ ਡਾਕਟਰਾਂ ਨੂੰ ਧਮਕੀ ਭਰੇ ਫੋਨ ਕਰਕੇ ਫਿਰੌਤੀ ਮੰਗੀ ਗਈ ਸੀ। ਆਪਣੇ-ਆਪ ਨੂੰ ਇਨ੍ਹਾਂ ਨੇ ਗੈਂਗਸਟਰ ਦੱਸਿਆ ਸੀ। ਇਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਆਪਣੇ ਖਾਤੇ ਖੋਲ੍ਹੇ ਹੋਏ ਹਨ ਅਤੇ ਇੰਟਰਨੈੱਟ ਰਾਹੀਂ ਫਿਰੌਤੀ ਲਈ ਲੋਕਾਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ। ਇਹ ਇੰਟਰਨੈੱਟ ਰਾਹੀਂ ਲੋਕਾਂ ਦੇ ਫੋਨ ਨੰਬਰ ਲੱਭ ਕੇ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ।