ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਪਰੈਲ
ਸੀਆਈਏ ਸਟਾਫ਼ ਅਤੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਥਾਣਾ ਲੋਪੋਕੇ ਦੀ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪਿਸਤੌਲ, ਚਾਰ ਰੌਂਦ, ਮੈਗਜ਼ੀਨ ਅਤੇ ਮੋਟਰਸਾਈਕਲ ਸਣੇ ਲਗਪਗ 3 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਜਸਬੀਰ ਸਿੰਘ ਅਤੇ ਸਰਬਜੀਤ ਸਿੰਘ ਉਰਫ਼ ਸਾਬਾ ਵਜੋਂ ਹੋਈ ਹੈ। ਦੋਵਾਂ ਨੂੰ ਖਾਸ ਸੂਚਨਾ ਦੇ ਆਧਾਰ ’ਤੇ ਸ਼ਹੂਰਾ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਨੂੰ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਭਲਕੇ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਜਾਂਚ ਲਈ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।