ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 4 ਮਾਰਚ
ਰੂਸ-ਯੂਕਰੇਨ ਜੰਗ ਦੌਰਾਨ ਉਥੇ ਫਸੇ ਵਿਦਿਆਰਥੀਆਂ ਅਤੇ ਹੋਰਨਾਂ ਦੀ ਸੁਰੱਖਿਅਤ ਵਾਪਸੀ ਲਈ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਜੰਗਬੰਦੀ ਦੀ ਅਰਦਾਸ ਕੀਤੀ ਗਈ। ਇਸ ਸਮਾਗਮ ਦੌਰਾਨ ਗੁਰਦੁਆਰਾ ਅਟਾਰੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਾਲ ਸਿੰਘ ਨੇ ਸ਼ਬਦ ਕੀਰਤਨ ਕੀਤਾ। ਗ੍ਰੰਥੀ ਵਿਜੈਪਾਲ ਸਿੰਘ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਜੰਗ ਦੌਰਾਨ ਯੂਕਰੇਨ ਤੋਂ ਅੰਮ੍ਰਿਤਸਰ ਪੁੱਜੀ ਸਥਾਨਕ ਨਿਊ ਕਪੂਰ ਨਗਰ ਵਾਸੀ ਅਮਰਜੀਤ ਸਿੰਘ ਦੀ ਪੁੱਤਰੀ ਅਨਮੋਲਜੀਤ ਕੌਰ ਔਲਖ ਪਰਿਵਾਰ ਸਮੇਤ ਗੁੁਰਦੁਆਰਾ ਅਟਾਰੀ ਸਾਹਿਬ ਵਿਖੇ ਨਤਮਸਤਕ ਹੋਈ, ਜਿੱਥੇ ਉਸ ਨੂੰ ਸਿਰੋਪਾਓ ਭੇਟ ਕੀਤਾ ਗਿਆ। ਅਨਮੋਲਜੀਤ ਕੌਰ ਔਲਖ ਨੇ ਦੱਸਿਆ ਕਿ ਉਹ ਖਾਰਕੀਵ ਯੂਨੀਵਰਸਿਟੀ ਤੋਂ ਡਾਕਟਰੀ ਦੀ ਪੜ੍ਹਾਈ ਕਰਨ ਲਈ ਦੋ ਸਾਲ ਪਹਿਲਾਂ ਯੂਕਰੇਨ ਗਈ ਸੀ। ਪਰ ਉਥੇ ਜੰਗ ਕਾਰਨ ਹਾਲਾਤ ਖਰਾਬ ਹੋਣ ਕਾਰਨ ਉਸ ਨੂੰ ਪੜ੍ਹਾਈ ਛੱਡ ਕੇ ਵਾਪਸ ਪਰਤਣਾ ਪਿਆ। ਅਨਮੋਲਜੀਤ ਕੌਰ ਨੇ ਕਿਹਾ ਕਿ ਉਸ ਵੀ ਭੁੱਖੇ ਰਹਿਣ ਦੇ ਨਾਲ-ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ, ਪਰ ਉਹ ਪ੍ਰਮਾਤਮਾ ਦੀ ਸ਼ੁਕਰਗੁਜ਼ਰ ਹੈ, ਜੋ ਸਹੀ ਸਲਾਮਤ ਆਪਣੇ ਘਰ ਪਹੁੰਚ ਗਈ। ਇਸ ਮੌਕੇ ਸਪੋਰਟਸ ਕਲੱਬ ਦੇ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ, 21 ਮੈਂਬਰੀ ਕਮੇਟੀ ਪ੍ਰਧਾਨ ਇੰਦਰਜੀਤ ਸਿੰਘ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਪਰਮਜੀਤ ਸਿੰਘ ਤੇ ਸੁਖਪਾਲ ਸਿੰਘ ਹਾਜ਼ਰ ਸਨ।
ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਡੋਗਰਾ
ਦਸੂਹਾ (ਪੱਤਰ ਪ੍ਰੇਰਕ): ਇੱਥੇ ਸਾਬਕਾ ਵਿਧਾਇਕ ਅਰੁਣ ਮਿੱਕੀ ਡੋਗਰਾ ਨੇ ਅੱਜ ਯੂਕਰੇਨ ’ਚ ਫਸੇ ਵਿਦਿਆਰਥੀ ਗੁਰਵਿੰਦਰ ਸਿੰਘ ਚਾਂਦ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਉਸ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ ਦਿੱਤਾ। ਸ੍ਰੀ ਡੋਗਰਾ ਨੇ ਕਿਹਾ ਕਿ ਜੰਗ ਦੌਰਾਨ ਯੂਕਰੇਨ ਵਿੱਚ ਫਸੇ ਦਸੂਹਾ ਨਾਲ ਸਬੰਧਤ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ।