ਕੇਂਦਰੀ ਮੰਤਰੀ Ravneet Bittu ਨੇ SC ਭਾਈਚਾਰੇ ਤੋਂ ਜਨਤਕ ਤੌਰ 'ਤੇ ਮੰਗੀ ਮੁਆਫੀ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਗਰ ਕੌਂਸਲ ਚੋਣਾਂ ਦੌਰਾਨ ਆਪਣੇ ਵੱਲੋਂ ਐਸਸੀ (SC) ਭਾਈਚਾਰੇ ਬਾਰੇ ਕਹੇ ਗਏ ਇਤਰਾਜ਼ਯੋਗ ਸ਼ਬਦਾਂ ਲਈ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸਮੁੱਚੇ ਭਾਈਚਾਰੇ, ਐੱਸਸੀ ਕਮਿਸ਼ਨ, ਵੱਖ-ਵੱਖ ਜਥੇਬੰਦੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਕੋਲੋਂ ਜਨਤਕ ਤੌਰ 'ਤੇ...
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਗਰ ਕੌਂਸਲ ਚੋਣਾਂ ਦੌਰਾਨ ਆਪਣੇ ਵੱਲੋਂ ਐਸਸੀ (SC) ਭਾਈਚਾਰੇ ਬਾਰੇ ਕਹੇ ਗਏ ਇਤਰਾਜ਼ਯੋਗ ਸ਼ਬਦਾਂ ਲਈ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸਮੁੱਚੇ ਭਾਈਚਾਰੇ, ਐੱਸਸੀ ਕਮਿਸ਼ਨ, ਵੱਖ-ਵੱਖ ਜਥੇਬੰਦੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਕੋਲੋਂ ਜਨਤਕ ਤੌਰ 'ਤੇ ਮੁਆਫੀ ਮੰਗੀ ਹੈ।
ਅੰਮ੍ਰਿਤਸਰ ਹਵਾਈ ਅੱਡੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਦੱਸਿਆ ਕਿ ਚੋਣਾਂ ਵੇਲੇ ਹੋਈ ਬਹਿਸ ਅਤੇ ਗਰਮਾ-ਗਰਮੀ ਵਾਲੇ ਮਾਹੌਲ ਵਿੱਚ ਉਨ੍ਹਾਂ ਕੋਲੋਂ ਜਾਣੇ-ਅਣਜਾਣੇ ਵਿੱਚ ਐੱਸਸੀ ਭਾਈਚਾਰੇ ਪ੍ਰਤੀ ਕੁਝ ਗਲਤ ਸ਼ਬਦ ਨਿਕਲ ਗਏ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਜਿਹਾ ਕੋਈ ਮਕਸਦ ਨਹੀਂ ਸੀ ਜਿਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਆਪਣੇ ਪਰਿਵਾਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਆਪਣੇ ਦਾਦਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗਵਾਸੀ ਬੇਅੰਤ ਸਿੰਘ ਦੇ ਸਮੇਂ ਤੋਂ ਹੀ ਆਪਣੇ ਇਲਾਕੇ ਵਿੱਚ ਐੱਸਸੀ ਭਾਈਚਾਰੇ ਦੇ ਪ੍ਰੋਗਰਾਮਾਂ ਵਿੱਚ ਬਹੁਤ ਸ਼ਰਧਾ ਨਾਲ ਸ਼ਾਮਲ ਹੁੰਦੇ ਆਏ ਹਨ ਅਤੇ ਉਨ੍ਹਾਂ ਦੇ ਦਿਲ ਵਿੱਚ ਕਿਸੇ ਵੀ ਭਾਈਚਾਰੇ ਲਈ ਕੋਈ ਮੰਦਭਾਵਨਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਹ ਐੱਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਵੀ ਆਪਣਾ ਪੱਖ ਰੱਖਣਗੇ ਅਤੇ ਮੁਆਫੀ ਮੰਗਣਗੇ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਸਮੇਂ ਦਾ ਹੈ, ਜਿਸ ਨੂੰ ਲੈ ਕੇ ਐੱਸਸੀ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਐੱਸਐੱਸਪੀ (SSP) ਕੋਲੋਂ ਰਿਪੋਰਟ ਵੀ ਤਲਬ ਕੀਤੀ ਸੀ। ਕਈ ਦਲਿਤ ਜਥੇਬੰਦੀਆਂ ਵੱਲੋਂ ਰਵਨੀਤ ਬਿੱਟੂ ਦੇ ਇਸ ਬਿਆਨ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ।
ਕੇਂਦਰੀ ਮੰਤਰੀ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪੰਜਾਬ ਪੁਲੀਸ ਦੇ ਏਐੱਸਆਈ (ASI) ਜੋਗਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ, ਜਿਨ੍ਹਾਂ ਦਾ ਪਿਛਲੇ ਦਿਨੀਂ ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਵਨੀਤ ਬਿੱਟੂ ਨੇ ਆਖਿਆ ਕਿ ਗੁਰੂਆਂ, ਪੀਰਾਂ ਅਤੇ ਫ਼ਕੀਰਾਂ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਆ ਕੇ ਉਹ ਆਪਣੀ ਇਸ ਗਲਤੀ ਲਈ ਦਿਲੋਂ ਖਿਮਾ ਜਾਚਨਾ (ਮਾਫ਼ੀ) ਕਰਦੇ ਹਨ।

