21 ਅਗਸਤ ਨੂੰ 'ਪੰਜਾਬ ਬੰਦ' ਦੇ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਮਰਥਨ
ਲੋਕਾਂ ਨੂੰ ਆਪਣੇ ਕਾਰੋਬਾਰ ਮੁਕੰਮਲ ਰੂਪ ਵਿੱਚ ਦੁਪਹਿਰ ਦੋ ਵਜੇ ਤੱਕ ਬੰਦ ਰੱਖਣ ਦੀ ਕੀਤੀ ਗਈ ਅਪੀਲ
ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਅਕਾਲੀ ਦਲ 'ਵਾਰਿਸ ਪੰਜਾਬ ਦੇ', ਦਲ ਖ਼ਾਲਸਾ, ਹਵਾਰਾ ਕਮੇਟੀ, ਮਾਨ ਦਲ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਇਸ ਬੰਦ ਨੂੰ ਸਮਰਥਨ ਦਿੱਤਾ ਗਿਆ ਹੈ।
ਇਸ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਦਫ਼ਤਰ ਵਿਖੇ ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਇਕੱਤਰਤਾ ਹੋਈ। ਸਿੱਖ ਆਗੂਆਂ ਨੇ 32 ਸਾਲ ਤੋਂ ਵੀ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ 'ਪੰਜਾਬ ਬੰਦ' ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਕਾਰੋਬਾਰ ਮੁਕੰਮਲ ਰੂਪ ਵਿੱਚ ਦੁਪਹਿਰ ਦੋ ਵਜੇ ਤੱਕ ਬੰਦ ਰੱਖਣ ਦੀ ਅਪੀਲ ਕੀਤੀ ਹੈ। ਇਸ ਬੰਦ ਦੌਰਾਨ ਜ਼ਰੂਰੀ ਸੇਵਾਵਾਂ, ਮੈਡੀਕਲ ਸੇਵਾਵਾਂ, ਬਰਾਤਾਂ ਆਦਿ ਨੂੰ ਛੋਟ ਰਹੇਗੀ।
ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗਵਰਨਰ ਹਾਊਸ ਤੱਕ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਰੋਕ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਵਾਸਤੇ ਲਾਠੀਚਾਰਜ ਕੀਤਾ ਗਿਆ ਅਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ ਸਨ, ਜਿਸ ਵਿੱਚ ਕਈ ਵਿਅਕਤੀ ਜ਼ਖ਼ਮੀ ਵੀ ਹੋਏ ਸਨ। ਪੁਲੀਸ ਦੀ ਇਸ ਕਾਰਵਾਈ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਸੀ।

