ਗੁਰੂ ਨਾਨਕ ਦੇਵ ਯੂਨੀਰਵਸਿਟੀ ਦੇ ਉਪ ਕੁਲਪਤੀ ਅਕਾਲ ਤਖ਼ਤ ਵਿਖੇ ਤਲਬ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ ਵਿੱਚ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਦੀ ਆਦੇਸ਼ ਦਿੱਤੇ ਹਨ।
ਇਸ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਉਪ ਕੁਲਪਤੀ ਨੂੰ ਇੱਕ ਆਦੇਸ਼ ਪੱਤਰ ਜਾਰੀ ਕੀਤਾ ਗਿਆ।
ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਬੀਤੇ ਦਿਨੀਂ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਦੇ ਖ਼ਿਲਾਫ਼ ਸ਼ਿਕਾਇਤਾਂ ਪੁੱਜੀਆਂ ਹਨ। ਜਿਨਾਂ ਨੂੰ ਘੋਖਣ ਮਗਰੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 15 ਦਿਨਾਂ ਦੇ ਵਿੱਚ ਆਪਣਾ ਲਿਖਤੀ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਆਖਿਆ ਗਿਆ ਹੈ।
ਦੱਸਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਯੂਨੀਵਰਸਿਟੀ ਦੇ ਉਪ ਕੁਲਪਤੀ ਕੋਚੀ ਵਿੱਚ ਹੋਏ ਇੱਕ ਸਮਾਗਮ ਵਿੱਚ ਆਰਐੱਸਐੱਸ ਦੇ ਮੁਖੀ ਸਾਹਮਣੇ ਗੱਲਬਾਤ ਕਰ ਰਹੇ ਸਨ। ਇਹ ਕੋਚੀ ਵਿੱਚ ਉਪ ਕੁਲਪਤੀਆਂ ਦਾ ਉੱਚ ਸਿੱਖਿਆ ਬਾਰੇ ਇੱਕ ਸਮਾਗਮ ਸੀ। ਉਹ ਯੂਨੀਵਰਸਿਟੀ ਵਿੱਚ ਸਿੱਖ ਚੇਅਰ ਸਥਾਪਿਤ ਕਰਨ ਅਤੇ ਇਸ ਦੇ ਰਾਹੀ ਰਿਗਵੇਦ ਅਤੇ ਸਿੱਖ ਧਰਮ ਨਾਲ ਆਪਸੀ ਸਬੰਧ ਸਥਾਪਿਤ ਕਰਨ ਬਾਰੇ ਗੱਲ ਕਰ ਰਹੇ ਸਨ।
ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ। ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਜਥੇਬੰਦੀ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਸ਼ਿਕਾਇਤ ਪੱਤਰ ਦਿੱਤਾ ਗਿਆ ਸੀ।
ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰਾਂ ਦੇ ਸੇਵਾ ਨਿਯਮ ਬਣਾਉਣ ਸਬੰਧੀ ਬਣਾਈ ਗਈ ਸਿੱਖ ਵਿਦਵਾਨਾਂ ਦੀ ਇੱਕ ਕਮੇਟੀ ਵਿੱਚੋਂ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਬਾਹਰ ਕਰ ਦਿੱਤਾ ਸੀ।
ਦੂਜੇ ਪਾਸੇ ਇਸ ਸਬੰਧ ਵਿੱਚ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਵੱਲੋਂ ਇੱਕ ਬਿਆਨ ਜਾਰੀ ਕਰਕੇ ਲੱਗ ਰਹੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਨਿਰਾਧਾਰ ਦੱਸਿਆ ਗਿਆ ਸੀ।