ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ 24 ਅਗਸਤ
ਇੱਥੇ ਮੋਟਰ ਵਹੀਕਲ ਇੰਸਪੈਕਟਰ ਦੇ ਦਫ਼ਤਰ ਵਿੱਚ ਚੱਲ ਰਹੀ ਜਾਂਚ ਦੌਰਾਨ ਅੱਜ ਵਿਜੀਲੈਂਸ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਕੋਲੋਂ ਪੁੱਛਗਿੱਛ ਕੀਤੀ ਹੈ। ਜਾਂਚ ਟੀਮ ਨੇ ਅਧਿਕਾਰੀ ਕੋਲੋਂ ਵਪਾਰਕ ਵਾਹਨਾਂ ਨੂੰ ਫਿੱਟਨੈੱਸ ਸਰਟੀਫਿਕੇਟ ਦੇਣ ਦੀ ਵਿਧੀ ਬਾਰੇ ਪੁੱਛਿਆ। ਵੇਰਵਿਆਂ ਮੁਤਾਬਕ ਇਸ ਵਿਭਾਗ ਵੱਲੋਂ ਵਪਾਰਕ ਵਾਹਨਾਂ ਨੂੰ ਬਿਨਾਂ ਜਾਂਚ ਦੇ ਹੀ ਫਿੱਟਨੈੱਸ ਸਰਟੀਫਿਕੇਟ ਦਿੱਤੇ ਜਾ ਰਹੇ ਸਨ। ਇਸ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਇੱਥੇ ਜਾਂਚ ਸ਼ੁਰੂ ਕੀਤੀ ਗਈ। ਇਥੇ ਦੱਸਣਯੋਗ ਹੈ ਕਿ ਸੰਗਰੂਰ ਵਿੱਚ ਅਜਿਹਾ ਹੀ ਇੱਕ ਘਪਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਨੂੰ ਜਾਂਚ ਵਾਸਤੇ ਆਖਿਆ ਗਿਆ ਸੀ। ਵਿਜੀਲੈਂਸ ਵਿਭਾਗ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਮੋਟਰ ਵਹੀਕਲ ਇੰਸਪੈਕਟਰ ਦੇ ਦਫ਼ਤਰ ਵਿੱਚੋਂ ਸਮੁੱਚੇ ਦਸਤਾਵੇਜ਼ ਕਬਜ਼ੇ ਵਿੱਚ ਲੈ ਲਏ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼ਿਕਾਇਤਾਂ ਪੁੱਜੀਆਂ ਸਨ ਕਿ ਇਨ੍ਹਾਂ ਦਫਤਰਾਂ ਵਿਚ ਨਿਯਮਾਂ ਦੀ ਉਲੰਘਣਾ ਕਰਕੇ ਅਤੇ ਰਿਸ਼ਵਤ ਲੈ ਕੇ ਵਪਾਰਕ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਦਿੱਤੇ ਜਾ ਰਹੇ ਹਨ।