ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਕਤੂਬਰ
ਦਰਬਾਰ ਸਾਹਿਬ ਸਮੂਹ ਵਿੱਚ ਪਿਛਲੇ ਦਿਨੀਂ ਹੋਈ ਹਿੰਸਕ ਝੜਪ ਦੇ ਮਾਮਲੇ ਵਿਚ ਪੁਲੀਸ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕਰਾਸ ਕੇਸ ਦਰਜ ਕਰਨ ਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਰਾਸ ਕੇਸ ਦਰਜ ਕਰਨ ਨਾਲ ਸਪੱਸ਼ਟ ਹੋ ਗਿਆ ਹੈ ਕਿ ਇਸ ਮਾਮਲੇ ਵਿੱਚ ਸਿੱਖ ਕਾਰਕੁਨਾਂ ਨੂੰ ਕਾਂਗਰਸ ਸਰਕਾਰ ਦੀ ਸ਼ਹਿ ਪ੍ਰਾਪਤ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਖ਼ਿਲਾਫ਼ ਕਰਾਸ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਤੱਥ ਨੂੰ ਝੁਠਲਾ ਨਹੀਂ ਸਕਦੀ ਕਿ ਸਤਿਕਾਰ ਕਮੇਟੀ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਦਰਬਾਰ ਸਾਹਿਬ ਦੀ ਪਵਿੱਤਰਤਾ ਭੰਗ ਕੀਤੀ ਹੈ ਅਤੇ ਆਪਣੀਆਂ ਗਤੀਵਿਧੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਸ ਮਾਮਲੇ ਵਿਚ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਪੀੜਤਾਂ ਖ਼ਿਲਾਫ਼ ਹੀ ਕਰਾਸ ਕੇਸ ਦਰਜ ਕਰ ਦਿੱਤਾ ਗਿਆ ਹੈ, ਜੋ ਕਿ ਮੁਲਜ਼ਮਾਂ ਨੂੰ ਬਚਾਉਣ ਦੀ ਕਾਰਵਾਈ ਦਾ ਹਿੱਸਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਪੁਲੀਸ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਮਗਵਿੰਦਰ ਸਿੰਘ, ਸੁਰਜੀਤ ਸਿੰਘ ਅਤੇ ਅਜਾਇਬ ਸਿੰਘ ਤੋਂ ਇਲਾਵਾ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।