ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਅਪਰੈਲ
ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵੀ ਵਧ ਗਈ ਹੈ। ਸ਼ਹਿਰ ਵਿਚ ਪਹਿਲਾਂ ਸਾਢੇ 500 ਤੋਂ ਲੈ ਕੇ 600 ਮੈਗਾਵਾਟ ਤੱਕ ਦਾ ਲੋਡ ਸੀ, ਜਿਹੜਾ ਕਿ ਕੱਲ੍ਹ ਵਧ ਕੇ 700 ਮੈਗਾਵਾਟ ਤੱਕ ਜਾ ਪਹੁੰਚਿਆ ਹੈ। ਬਿਜਲੀ ਦੇ ਲੱਗਦੇ ਕੱਟਾਂ ਕਾਰਨ ਪਿੰਡਾਂ ਤੇ ਸ਼ਹਿਰਾਂ ਵਿਚ ਹਾਹਾਕਾਰ ਮੱਚ ਗਈ ਹੈ ਤੇ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਆਈ ਹੋਈ ਹੈ।
ਸ਼ਹਿਰ ਵਿਚ ਔਸਤਨ ਦੋ ਤੋਂ ਤਿੰਨ ਘੰਟਿਆਂ ਤੱਕ ਬਿਜਲੀ ਦੇ ਅਣਐਲਾਨੇ ਕੱਟ ਲੱਗ ਰਹੇ ਹਨ, ਜਦਕਿ ਪਿੰਡਾਂ ਵਿਚ ਹਾਲਾਤ ਇਸ ਤੋਂ ਬੱਦਤਰ ਹਨ। ਕਿਸਾਨ ਬਿਜਲੀ ਦੀ ਉਡੀਕ ਵਿਚ ਰਾਤਾਂ ਨੂੰ ਮੋਟਰਾਂ ’ਤੇ ਹੀ ਸੌਂਦੇ ਹਨ ਕਿ ਪਤਾ ਨਹੀਂ ਕਦੋਂ ਬਿਜਲੀ ਆ ਜਾਵੇ। ਉਧਰ ਦੋਆਬਾ ਕਿਸਾਨ ਸੰਘਰਸ਼ ਕਮੇਟੀ ਨੇ ਪਾਵਰਕੌਮ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ 29 ਅਪਰੈਲ ਤੱਕ ਅੱਠ ਘੰਟੇ ਬਿਜਲੀ ਸਪਲਾਈ ਨਾ ਦਿੱਤੀ ਤਾਂ ਜਲੰਧਰ-ਅੰਮ੍ਰਿਤਸਰ ਹਾਈਵੇਅ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ।
ਬੀਕੇਯੂ (ਉਗਰਾਹਾਂ) ਵੱਲੋਂ ਪਾਵਰਕੌਮ ਦੇ ਐਕਸੀਅਨ ਨੂੰ ਮੰਗ ਪੱਤਰ
ਸ਼ਾਹਕੋਟ (ਪੱਤਰ ਪ੍ਰੇਰਕ): ਕਿਸਾਨਾਂ ਅਤੇ ਆਮ ਖਪਤਕਾਰਾਂ ਨੂੰ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦਾ ਵਫ਼ਦ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੇ ਸ਼ਹਿਰੀ ਤੇ ਪੇਂਡੂ ਐਕਸੀਅਨ ਨੂੰ ਉਨ੍ਹਾਂ ਦੇ ਦਫ਼ਤਰ ਨਕੋਦਰ ਵਿਚ ਮਿਲਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ, ਸਕੱਤਰ ਗੁਰਚਰਨ ਸਿੰਘ ਚਾਹਲ ਅਤੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ ਨੇ ਦੱਸਿਆ ਕਿ ਸ਼ਹਿਰੀ ਤੇ ਪੇਂਡੂ ਐਕਸੀਅਨ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਦੀ ਸਪਲਾਈ ਦੇਣ ਦੀ ਮੰਗ ਕੀਤੀ ਗਈ ਹੈ।
ਪਾਣੀ ਦੀ ਘਾਟ ਕਾਰਨ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿੱਚ ਬਿਜਲੀ ਦੇ ਵੱਡੇ ਸੰਕਟ ਅਤੇ ਨਹਿਰਬੰਦੀ ਕਾਰਨ ਕਿਸਾਨਾਂ ਦਾ ਹਰਾ ਚਾਰਾ, ਸਬਜ਼ੀਆਂ ਤੇ ਫ਼ਲਦਾਰ ਬੂਟਿਆਂ ਆਦਿ ਨੂੰ ਪਾਣੀ ਦੀ ਕਮੀ ਕਾਰਨ ਫਸਲਾਂ ਨੂੰ ਨੁਕਸਾਨ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਰੋਸ ਵਧ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁਡੀਕੇ ਤੇ ਸੂਬਾ ਜਨਰਲ ਸਕੱਤਰ ਸਤਬਿੀਰ ਸਿੰਘ ਸੁਲਤਾਨੀ ਵਲੋਂ ਜਾਰੀ ਕੀਤੇ ਇਕ ਸਾਂਝੇ ਬਿਆਨ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਆਗੂਆਂ ਨੇ ਮੰਗ ਕੀਤੀ ਹੈ ਕਿ ਫ਼ਸਲਾਂ ਲਈ ਪਾਣੀ ਦੀ ਕਿੱਲਤ ਦੂਰ ਕਰਨ ਲਈ ਤੁਰੰਤ ਨਹਿਰਾਂ ਵਿੱਚ ਪਾਣੀ ਛੱਡਿਆ ਜਾਵੇ ਅਤੇ ਖੇਤੀ ਮੋਟਰਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਭਗਵੰਤ ਮਾਨ ਦੀ ‘ਆਪ’ ਸਰਕਾਰ ਨੂੰ ਕਿਸਾਨ ਵਿਰੋਧੀ ਐਲਾਨਦਿਆਂ ਕਿਹਾ ਕਿ ਸਰਕਾਰ ਦਿੱਲੀ ਦੇ ‘ਆਪ’ ਆਗੂਆਂ ਨੂੰ ਖੁਸ਼ ਕਰਨ ’ਤੇ ਲੱਗੀ ਹੋਈ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਅਣਦੇਖਿਆਂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ ਅਤੇ ਪ੍ਰਗਟ ਸਿੰਘ ਜਾਮਾਰਾਏ ਨੇ ਆਖਿਆ ਕਿ ਪੰਜ ਮਈ ਨੂੰ ਪੰਜਾਬ ਭਰ ਵਿਚ ਪਾਵਰਕੌਮ ਦੇ ਦਫਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ।
ਬਿਜਲੀ ਮੰਤਰੀ ਦੇ ਘਰ ਮੂਹਰੇ ਧਰਨਾ ਦੇਣ ਦਾ ਫੈਸਲਾ
ਅੰਮ੍ਰਿਤਸਰ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਰਕੇ ਹਰਾ ਚਾਰਾ, ਸਬਜ਼ੀਆਂ, ਗੰਨਾ ਸਮੇਤ ਹੋਰ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ, 24 ਘੰਟੇ ਅਰਬਨ ਸਪਲਾਈ ਵਿੱਚ ਵੀ 14 ਤੋਂ 16 ਘੰਟੇ ਦੇ ਕੱਟ, ਖੇਤੀ ਨੂੰ ਕੁਝ ਘੰਟੇ ਦੇ ਦਿੱਤੇ ਸ਼ਡਿਊਲ ਵਿੱਚ ਪਾਵਰ ਕੱਟ ਦੇ ਨਾਂ ’ਤੇ ਬਿਜਲੀ ਬੰਦ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 29 ਅਪਰੈਲ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ ਜਾਵੇਗੀ।