ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਦਸੰਬਰ
ਉੱਤਰਾਖੰਡ ਨਾਲ ਸਬੰਧਤ ਰਮੇਸ਼ ਸਿੰਘ ਨਾਮੀਂ ਵਿਅਕਤੀ ਦਾ ਬੀਤੀ ਰਾਤ ਕੰਮ ਤੋਂ ਘਰ ਪਰਤਦੇ ਸਮੇਂ ਕੁਝ ਲੁਟੇਰਿਆਂ ਨੇ ਕਤਲ ਕਰ ਦਿੱਤਾ ਜੋ ਕਿ ਇੱਕ ਹੋਟਲ ਵਿੱਚ ਵੇਟਰ ਵਜੋਂ ਕੰਮ ਕਰਦਾ ਸੀ। ਇਸ ਮਾਮਲੇ ਨੂੰ ਲੈ ਕੇ ਨਿਆਂ ਦੀ ਮੰਗ ਕਰਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਤੇ ਹੋਰਨਾਂ ਵੱਲੋਂ ਪੁਲੀਸ ਥਾਣੇ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ।
ਵੇਰਵਿਆਂ ਮੁਤਾਬਕ ਇਹ ਵਿਅਕਤੀ ਇੱਥੇ ਜਗਦੰਬੇ ਕਲੋਨੀ ਵਿੱਚ ਰਹਿੰਦਾ ਸੀ। ਆਪਣੀ ਡਿਊਟੀ ਖਤਮ ਕਰਨ ਮਗਰੋਂ ਉਹ ਦੇਰ ਰਾਤ ਘਰ ਪਰਤ ਰਿਹਾ ਸੀ ਕਿ ਰਸਤੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਨਕਦੀ ਆਦਿ ਲੁੱਟ ਲਈ। ਉਸਦੇ ਇੱਕ ਰਿਸ਼ਤੇਦਾਰ ਪ੍ਰੀਤਮ ਸਿੰਘ ਨੇ ਦਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਨਾਲ ਲੁੱਟ-ਖੋਹ ਦੀ ਘਟਨਾ ਵਾਪਰ ਚੁੱਕੀ ਹੈ। ਬੀਤੀ ਰਾਤ ਉਸ ਉਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਵੀ ਕੀਤਾ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਪੁਲੀਸ ਵੱਲੋਂ ਐੱਫਆਈਆਰ ਦਰਜ ਕਰਨ ਵਿੱਚ ਦੇਰ ਲਾਉਣ ਦੇ ਦੋਸ਼ ਹੇਠ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਹੋਰਨਾਂ ਨੇ ਥਾਣਾ ਸਦਰ ਪੁਲੀਸ ਸਟੇਸ਼ਨ ਦੇ ਬਾਹਰ ਮੁਜ਼ਾਹਰਾ ਕੀਤਾ। ਇਸ ਦੌਰਾਨ ਪੁਲੀਸ ਦੇ ਸਹਾਇਕ ਕਮਿਸ਼ਨਰ ਸਰਬਜੀਤ ਸਿੰਘ ਪੁੱਜੇ ਜਿਨ੍ਹਾਂ ਧਰਨਾਕਾਰੀਆਂ ਨੂੰ ਨਿਆਂ ਦੇਣ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਇੱਕ ਔਰਤ ਨੇ ਵੀ ਪੁਲੀਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਨੇ ਮ੍ਰਿਤਕ ਰਮੇਸ਼ ਸਿੰਘ ਦੀਆਂ ਚੀਕਾਂ ਦੀ ਆਵਾਜ਼ ਸੁਣੀ ਸੀ।