ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ,12 ਜੁਲਾਈ
ਅੱਜ ਦਿਨ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਨੇ ਜਿਥੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉਥੇ ਸ਼ਹਿਰ ਵਿਚ ਕਈ ਥਾਈਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ।
ਅੱਜ ਪਏ ਮੋਹਲੇਧਾਰ ਮੀਂਹ ਕਾਰਨ ਜਲਥਲ ਹੋ ਗਈ ਹੈ। ਸ਼ਹਿਰ ਵਿੱਚ ਰੁਕ ਰੁਕ ਕੇ ਮੀਂਹ ਪਿਆ। ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਮੀਂਹ ਦਾ ਪਾਣੀ ਇਕੱਠਾ ਹੋ ਗਿਆ। ਐਲੀਵੇਟਿਡ ਰੋਡ , ਟੇਲਰ ਰੋਡ, ਐਮਐਮ ਮਾਲਵੀਆ ਰੋਡ ਤੇ ਹੋਰ ਕਈ ਇਲਾਕਿਆਂ ਵਿਚ ਮੀਂਹ ਦਾ ਪਾਣੀ ਖੜਾ ਰਿਹਾ, ਜਿਸ ਕਾਰਨ ਆਵਾਜਾਈ ਪ੍ਰਭਾਵਤ ਹੋਈ ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਉਧਰ, ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਤਿੰਨ ਦਿਨ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ। ਵਿਭਾਗ ਨੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਲਗਾਤਾਰ ਦੋ ਤਿੰਨ ਦਿਨ ਮੀਂਹ ਪੈਂਦਾ ਹੈ ਤਾਂ ਇਸ ਨਾਲ ਝੋਨੇ ਦੀ ਬਿਜਾਈ ਦੇ ਕੰਮ ਵਿੱਚ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਬਿਜਲੀ ਦੀ ਮੰਗ ਵੀ ਘਟੇਗੀ। ਹੁਣ ਤੱਕ ਮਾਝੇ ਦੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ।