ਸਰਦ ਰੁੱਤ ਇਜਲਾਸ: ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 21 ਨੂੰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ’ਚੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਹੈ। ਡਿਵੀਜ਼ਨ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 21 ਨਵੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ (NSA) ਤਹਿਤ ਨਜ਼ਰਬੰਦ ਅੰਮ੍ਰਿਤਪਾਲ ਨੇ ਪਟੀਸ਼ਨ ਵਿਚ ਐੱਨਐੱਸਏ ਦੀ ਧਾਰਾ 15 ਦਾ ਹਵਾਲਾ ਦਿੱਤਾ ਜੋ ਸਮਰੱਥ ਅਧਿਕਾਰੀ ਨੂੰ ਅਸਾਧਾਰਨ ਹਾਲਾਤ ਵਿੱਚ ਨਜ਼ਰਬੰਦ ਨੂੰ ਪੈਰੋਲ ਦੇਣ ਦਾ ਅਧਿਕਾਰ ਦਿੰਦੀ ਹੈ।
ਅੰਮ੍ਰਿਤਪਾਲ ਦੇ ਵਕੀਲ ਨੇ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਦੀ ਪਿਛਲੀ ਪਟੀਸ਼ਨ ਦਾ ਨਿਪਟਾਰਾ ਲੋਕ ਸਭਾ ਨੂੰ ਢੁਕਵੀਂ ਪ੍ਰਤੀਨਿਧਤਾ ਭੇਜਣ ਦੀ ਆਜ਼ਾਦੀ ਨਾਲ ਕਰ ਦਿੱਤਾ ਗਿਆ ਸੀ, ਜੋ ਕਿ ‘ਕੀਤੀ ਗਈ ਹੈ।’ ਸੁਣਵਾਈ ਦੌਰਾਨ ਬੈਂਚ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਐੱਨਐੱਸਏ ਤਹਿਤ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਭਵਿੱਖ ਬਾਰੇ ਪੁੱਛਿਆ। ਚੀਫ਼ ਜਸਟਿਸ ਨੇ ਪੁੱਛਿਆ, ‘‘ਪਟੀਸ਼ਨ ਵਿਰੁੱਧ NSA ਹਿਰਾਸਤ ਦਾ ਹੁਕਮ ਹੈ, ਉਸ ਕੇਸ ਦਾ ਕੀ ਹੋਇਆ... ਜਦੋਂ ਤੱਕ ਨਜ਼ਰਬੰਦੀ ’ਤੇ ਰੋਕ ਨਹੀਂ ਲਗਾਈ ਜਾਂਦੀ, ਉਹ ਸੰਸਦੀ ਇਜਲਾਸ ਵਿੱਚ ਕਿਵੇਂ ਸ਼ਮੂਲੀਅਤ ਕਰ ਸਕਦਾ ਹੈ?’’ ਇਸ ਦੇ ਜਵਾਬ ਵਿਚ ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਇਹ ਦੋ ਵੱਖੋ ਵੱਖਰੇ ਮਾਮਲੇ ਹਨ ਤੇ ਸੰਸਦ ਮੈਂਬਰ ਨੇ ਧਾਰਾ 15 ਵਿਚਲੀਆਂ ਵਿਵਸਥਾਵਾਂ ਦੇ ਹਵਾਲੇ ਨਾਲ ਰਾਹਤ ਦੀ ਮੰਗ ਕੀਤੀ ਹੈ।
ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਪਰੈਲ 2023 ਤੋਂ ਇਹਤਿਆਤੀ ਹਿਰਾਸਤ ਵਿਚ ਹੋਣ ਦੇ ਬਾਵਜੂਦ, ਪਟੀਸ਼ਨਰ ਨੂੰ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਲਗਪਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ। ਉਹ ਸੰਸਦ ਵਿਚ ਹਲਕੇ ਦੇ ਕਰੀਬ 19 ਲੱਖ ਲੋਕਾਂ ਦੀ ਨੁਮਾਇੰਦਗੀ ਕਰ ਰਿਹਾ ਹੈ। ਅੰਮ੍ਰਿਤਪਾਲ ਨੇ ਪਟੀਸ਼ਨ ਵਿਚ ਕੇਂਦਰ ਅਤੇ ਰਾਜ ਅਧਿਕਾਰੀਆਂ ਨੂੰ ਪੈਰੋਲ ’ਤੇ ਰਿਹਾਅ ਕਰਨ ਜਾਂ ਵਿਕਲਪਕ ਤੌਰ ’ਤੇ ਸੰਸਦੀ ਇਜਲਾਸ ਦੌਰਾਨ ਸਦਨ ਵਿੱਚ ਉਸ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਸਾਲ 17 ਅਪਰੈਲ ਨੂੰ ਅੰਮ੍ਰਿਤਪਾਲ ਖਿਲਾਫ਼ ਤੀਜਾ ਨਜ਼ਰਬੰਦੀ ਆਦੇਸ਼ ਜਾਰੀ ਕੀਤਾ ਗਿਆ ਹੈ। ਉਧਰ ਸਲਾਹਕਾਰ ਬੋਰਡ ਦਾ ਮੰਨਣਾ ਸੀ ਕਿ ਅੰਮ੍ਰਿਤਪਾਲ ਦੀ ਨਿਰੰਤਰ ਨਜ਼ਰਬੰਦੀ ਲਈ ਕਾਫ਼ੀ ਕਾਰਨ ਮੌਜੂਦ ਸਨ, ਜਿਸ ਤੋਂ ਬਾਅਦ 24 ਜੂਨ ਨੂੰ ਨਜ਼ਰਬੰਦੀ ਦੀ ਪੁਸ਼ਟੀ ਕੀਤੀ ਗਈ।
