ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਾਰਚ
ਸਰਬੱਤ ਦਾ ਭਲਾ ਟਰੱਸਟ ਦੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਉਗਰੇਵਾਲ ਦੇ 22 ਸਾਲਾ ਸੁਖਬੀਰ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨੇੜਲੇ ਪਿੰਡ ਗੋਪਾਲਪੁਰ ਦੇ 25 ਸਾਲਾ ਗੁਰਪ੍ਰੀਤ ਸਿੰਘ ਦੀਆਂ ਮ੍ਰਿਤਕ ਦੇਹਾਂ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੀਆਂ, ਜਿਨ੍ਹਾਂ ਨੂੰ ਵਾਰਸਾਂ ਨੂੰ ਸੌਂਪ ਦਿੱਤਾ। ਟਰੱਸਟ ਦੇ ਬਾਨੀ ਡਾ.ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਸੁਖਬੀਰ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਤ ਨੂੰ ਸੁਧਾਰਨ ਲਈ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਹ ਉੱਥੇ ਟਰੱਕ ਡਰਾਈਵਰ ਨਾਲ ਬਤੌਰ ਹੈਲਪਰ ਕੰਮ ਕਰਦਾ ਸੀ। ਬੀਤੀ 6 ਮਾਰਚ ਨੂੰ ਸਮੁੰਦਰ ਦੇ ਕੰਢੇ ਤੋਂ ਉਸ ਦੀ ਲਾਸ਼ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਵੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਦੁਬਈ ਵਿੱਚ ਮਿਹਨਤ ਮਜ਼ਦੂਰੀ ਕਰਨ ਆਇਆ ਸੀ ਪਰ ਬੀਤੀ 7 ਮਾਰਚ ਨੂੰ ਅਚਾਨਕ ਉਸ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਖਬੀਰ ਦੀ ਇਕੱਲੀ ਰਹਿ ਗਈ ਮਾਂ ਨੂੰ ਟਰੱਸਟ ਵੱਲੋਂ ਦੋ ਹਜ਼ਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ, ਜਿਸ ਦਾ ਪਹਿਲਾ ਚੈੱਕ ਕੱਲ੍ਹ ਹੀ ਸਸਕਾਰ ਮੌਕੇ ਗੁਰਦਾਸਪੁਰ ਟੀਮ ਵੱਲੋਂ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਮ੍ਰਿਤਕ ਦੇਹਾਂ ਲੈਣ ਹਵਾਈ ਅੱਡੇ ’ਤੇ ਪਹੁੰਚੇ ਪੀੜਤ ਪਰਿਵਾਰਾਂ ਨੇ ਡਾ.ਐੱਸਪੀ ਸਿੰਘ ਓਬਰਾਏ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।