ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਜੁਲਾਈ
ਵਿਸ਼ਵ ਆਬਾਦੀ ਦਿਵਸ ਮੌਕੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ, ਅੰਮ੍ਰਿਤਸਰ ਵੱਲੋਂ ਇੱਕ ਵੈਬਿਨਾਰ ਕਰਵਾਇਆ ਗਿਆ, ਜਿਸ ਵਿੱਚ ਉੱਘੇ ਅਰਥਸ਼ਾਸਤਰੀ ਪ੍ਰੋ. ਰਣਜੀਤ ਸਿੰਘ ਘੁੰਮਣ ਅਤੇ ਉੱਘੇ ਸਮਾਜਸੇਵੀ ਤੇ ਲੇਖਕ ਡਾ. ਸਵਰਾਜ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋ. ਰਣਜੀਤ ਸਿੰਘ ਘੁੰਮਣ ਨੇ ਕਿਹਾ ਕਿ ਵਧ ਰਹੀ ਆਬਾਦੀ ਦੀ ਸਮੱਸਿਆ ਨੂੰ ਸਮਝਣ ਦੀ ਲੋੜ ਹੈ ਤਾਂ ਹੀ ਇਸ ਦਾ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵਿਕਾਸ ਵਿੱਚ ਭਾਗੀਦਾਰ ਬਣਾਉਣ ਨਾਲ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲਣਗੇ। ਡਾ. ਸਵਰਾਜ ਸਿੰਘ ਨੇ ਕਿਹਾ ਕਿ ਵਧਦੀ ਜਨਸੰਖਿਆ ਕਾਰਨ ਅਪਰਾਧ ਦੀ ਦਰ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਬਰਾਬਰਤਾ ਦੇ ਜ਼ਮੀਨੀ ਪੱਧਰ ’ਤੇ ਲਾਗੂ ਹੋਣ ਨਾਲ ਜਨਸੰਖਿਆ ਦੇ ਨਾਂਹ-ਪੱਖੀ ਪ੍ਰਭਾਵਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਬਿਊਰੋ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਵਧਦੀ ਸਾਖਰਤਾ ਦਰ, ਵਿਆਹ ਦੀ ਘੱਟੋ-ਘੱਟ ਉਮਰ ਸਬੰਧੀ ਸਖ਼ਤ ਕਾਨੂੰਨ ਅਤੇ ਲੋਕਾਂ ਵਿੱਚ ਵੱਧ ਰਹੀ ਜਾਗਰੂਕਤਾ ਕਾਰਨ ਇਸ ਪੱਖੋਂ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਜਲੰਧਰ ਦੇ ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ ਨੇ ਵੀ ਸੰਬੋਧਨ ਕੀਤਾ।