ਯੋਗ ਗੁਰੂ ਸਵਾਮੀ ਰਾਮ ਦੇਵ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਸਵਾਮੀ ਰਾਮ ਦੇਵ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਇਕ ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਯੋਗ ਗੁਰੂ ਸਵਾਮੀ ਰਾਮ ਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਹਰਪ੍ਰੀਤ ਸਿੰਘ ਮਿਨਹਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਮੌਕੇ ਸਵਾਮੀ ਰਾਮ ਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦਭਾਵ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਹਰ ਸੰਭਵ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸਵਾਮੀ ਰਾਮ ਦੇਵ ਨੂੰ ਸੱਦਾ ਵੀ ਦਿੱਤਾ।
ਇਸ ਮੌਕੇ ਸ਼ੋਮਣੀ ਕਮੇਟੀ ਪ੍ਰਧਾਨ ਨੇ ਸਵਾਮੀ ਰਾਮ ਦੇਵ ਨੂੰ ਦੱਸਿਆ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ।