ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ) ਮਕਬੂਲਪੁਰਾ ਇਲਾਕੇ ’ਚ ਅੱਜ ਸਵੇਰੇ 27 ਸਾਲਾ ਇੱਕ ਨੌਜਵਾਨ ਸਾਹਿਲਪ੍ਰੀਤ ਸਿੰਘ ਦਾ ਹਥਿਆਰਬੰਦ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲੀਸ ਨੇ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ ਪਰ ਕਤਲ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਨੌਜਵਾਨ ਦੇ ਕਤਲ ਦਾ ਮਾਮਲਾ ਅੱਜ ਉਸ ਵੇਲੇ ਸਾਹਮਣੇ ਆਇਆ ਜਦੋਂ ਇਲਾਕੇ ਦੇ ਲੋਕਾਂ ਨੇ ਇਥੇ ਮਕਬੂਲਪੁਰਾ ਦੀ 13 ਨੰਬਰ ਗਲੀ ਦੇ ਬਾਹਰ ਇਕ ਲਾਸ਼ ਦੇਖੀ। ਲੋਕਾਂ ਨੇ ਪੁਲੀਸ ਤੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਪੁਲੀਸ ਮੌਕੇ ਤੇ ਪੁੱਜੀ ਤੇ ਉਸ ਨੇ ਲਾਸ਼ ਕਬਜ਼ੇ ਵਿੱਚ ਲੈ ਲਈ। ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲੀਸ ਦੇ ਏਡੀਸੀਪੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਤੇ ਕਾਤਲਾਂ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ। ਜਲਦੀ ਹੀ ਕਾਤਲ ਗ੍ਰਿਫ਼ਤਾਰ ਕਰ ਲਏ ਜਾਣਗੇ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਪੁਲੀਸ ਨੂੰ ਦੱਸਿਆ ਕਿ ਸਾਹਿਲਪ੍ਰੀਤ ਪਿਤਾ ਨਾਲ ਪੇਂਟਰ ਦਾ ਕੰਮ ਕਰਦਾ ਸੀ। ਅੱਜ ਸਵੇਰੇ ਉਹ ਕਿਸੇ ਕੰਮ ਲਈ ਘਰੋਂ ਗਿਆ ਸੀ। ਜਦੋਂ ਉਹ ਗਲੀ ਨੰ. 13 ਦੇ ਬਾਹਰ ਪੁੱਜਾ ਤਾਂ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਇਨ੍ਹਾਂ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕੀਤਾ ਤੇ ਜ਼ਖ਼ਮੀ ਕਰਨ ਮਗਰੋਂ ਭੱਜ ਗਏ। ਲੋਕਾਂ ਨੇ ਪਰਿਵਾਰ ਤੇ ਪੁਲੀਸ ਨੂੰ ਸੂਚਿਤ ਕੀਤਾ। ਇਸ ਦੌਰਾਨ ਜਦੋਂ ਜ਼ਖ਼ਮੀ ਹੋਏ ਸਾਹਿਲ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।