ਸਿਰਸਾ ’ਚ ਭਾਜਪਾ ਇਕ ਵੀ ਸੀਟ ਨਹੀਂ ਜਿੱਤੇਗੀ: ਸੁਖਬੀਰ

ਪੱਤਰ ਪ੍ਰੇਰਕ ਰਤੀਆ, 14 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਤੀਆ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਹਰਿਆਣਾ ਅੰਦਰ ਪਿੰਡਾਂ ਦੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਨੂੰ ਸੱਤਾ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਗ਼ਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਨੁਮਾਇੰਦਾ ਪਾਰਟੀਆਂ ਹਨ। ਉਨ੍ਹਾਂ ਪਾਰਟੀ ਉਮੀਦਵਾਰ ਕੁਲਵਿੰਦਰ ਸਿੰਘ ਦੇ ਹੱਕ ਵਿੱਚ ਚਾਰ ਵੱਡੀਆਂ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੌਧਰੀ ਦੇਵੀ ਲਾਲ ਇੰਨੀਆਂ ਉਚਾਈਆਂ ਉੁੱਤੇ ਪਹੁੰਚਣ ਦੇ ਬਾਵਜੂਦ ਲੋਕਾਂ ਦੇ ਆਗੂ ਸਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਅੱਜ ਦੇ ਮੁੱਖ ਮੰਤਰੀ ਇੱਕ ਲਹਿਰ ਦੇ ਸਿਰ ’ਤੇ ਚੁਣੇ ਜਾਂਦੇ ਹਨ, ਇਹੀ ਵਜ੍ਹਾ ਹੈ ਕਿ ਉਹ ਪਿੰਡਾਂ ਵਿੱਚ ਜਾਣਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨਾ ਜ਼ਰੂਰੀ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਉਹ ਲਹਿਰ ਹੁਣ ਖ਼ਤਮ ਹੋ ਚੁੱਕੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਿਰਸਾ ਜ਼ਿਲ੍ਹੇ ਵਿੱਚ ਭਾਜਪਾ ਅਤੇ ਕਾਂਗਰਸ ਇੱਕ ਵੀ ਸੀਟ ਨਹੀਂ ਜਿੱਤਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਉਨ੍ਹਾਂ ਦਾ ਆਪਣਾ ਕੌਣ ਹੈ ਅਤੇ ਉਹ ਅਕਾਲੀ-ਇਨੈਲੋ ਉਮੀਦਵਾਰਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਇਸ ਲਈ ਜੇਲ੍ਹ ਵਿੱਚ ਸਨ, ਕਿਉਂਕਿ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਨੌਕਰੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਚੌਟਾਲਾ ਪਰਿਵਾਰ ਨੂੰ ਇਕੱਠੇ ਰੱਖਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਇਹ ਸੰਭਵ ਨਹੀਂ ਹੋ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਦੇ ਲੋਕਾਂ ਦੇ ਸੁਫਨਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਲਿਆਉਣ ਵਾਸਤੇ ਇੱਕ ਵਾਰ ਫਿਰ ਅਕਾਲੀ-ਇਨੈਲੋ ਗਠਜੋੜ ਦਾ ਡਟ ਕੇ ਸਮਰਥਨ ਕਰਨਾ ਚਾਹੀਦਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਅਕਾਲੀ ਦਲ ਨੇ ਵੀ ਸਦਾ ਕਿਸਾਨਾਂ ਨੂੰ ਸਭ ਤੋਂ ਅੱਗੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਖੇਤੀ ਦੇ ਕੰਮਾਂ ਵਾਸਤੇ ਮੁਫ਼ਤ ਬਿਜਲੀ ਦਿੱਤੀ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟ ਗਈ। ਇਸੇ ਤਰ੍ਹਾਂ ਅਕਾਲੀ ਦਲ ਨੇ ਦਿਹਾਤੀ ਖੇਤਰਾਂ ਲਈ ਆਟਾ ਦਾਲ ਅਤੇ ਸ਼ਗਨ ਸਕੀਮ ਵਰਗੀਆਂ ਸਕੀਮਾਂ ਸ਼ੁਰੂ ਕੀਤੀਆਂ, ਜਿਸ ਨਾਲ ਸਮਾਜ ਦੇ ਗ਼ਰੀਬ ਤਬਕਿਆਂ ਨੂੰ ਵੱਡਾ ਸਹਾਰਾ ਮਿਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All