ਜ਼ਿਲ੍ਹਾ ਮੁਕਤਸਰ ਦਾ ਮੁੱਖ ਖੇਤੀਬਾੜੀ ਅਫਸਰ ਮੁਅੱਤਲ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਮਈ ਪੰਜਾਬ ਦੇ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਜ਼ਿਲ੍ਹੇ ਮੁਕਤਸਰ ਨਾਲ ਸਬੰਧਤ ਮੁੱਖ ਖੇਤੀਬਾੜੀ ਅਫਸਰ ਦਰਸ਼ਨ ਸਿੰਘ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਅਧਿਕਾਰੀ ਉਤੇ ਦੋਸ਼ ਹੈ ਕਿ ਉਸ ਨੇ ਜ਼ਿਲ੍ਹੇ ਵਿੱਚ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਵਿਰੁਧ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਖੇਤੀਬਾੜੀ ਮੰਤਰੀ ਨੇ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਸਾਰੇ ਅਧਿਕਾਰੀਆਂ ਨੂੰ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ‘ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬਸੋਆਇਲ ਵਾਟਰ ਐਕਟ, 2009’ ਨੂੰ ਪੂਰਨ ਤੌਰ ’ਤੇ ਲਾਗੂ ਕਰਨ ਲਈ ਸਖਤ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਪੂਰਨ ਤੌਰ ’ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਜ਼ਿਲ੍ਹੇ ਵਿੱਚ ਇਹ ਐਕਟ ਲਾਗੂ ਨਹੀਂ ਹੁੰਦਾ ਤਾਂ ਉਸ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ /ਬਲਾਕ ਖੇਤੀਬਾੜੀ ਅਫਸਰ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਲੰਗਾਹ ਨੇ ਕਿਹਾ ਕਿ ਮੁਕਤਸਰ ਜ਼ਿਲ੍ਹੇ ਵਿੱਚ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬਸੋਆਇਲ ਵਾਟਰ ਐਕਟ, 2009 ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜ਼ਿਲ੍ਹੇ ਵਿਚ 1387 ਏਕੜ ਰਕਬੇ ’ਤੇ ਨਿਰਧਾਰਤ ਕੀਤੀ ਮਿਤੀ ਤੋਂ ਪਹਿਲਾਂ ਹੀ ਝੋਨਾ ਲੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਫਸਰ ਮੁਕਤਸਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਮੱਦੇਨਜ਼ਰ ਦਰਸ਼ਨ ਸਿੰਘ ਖੇਤੀਬਾੜੀ ਅਫਸਰ ਕੇਡਰ ਵਾਧੂ ਚਾਰਜ ਮੁੱਖ ਖੇਤੀਬਾੜੀ ਅਫਸਰ ਮੁਕਤਸਰ ਨੂੰ ਤੁਰੰਤ ਮੁਅਤਲ ਕਰ ਦਿਤਾ ਗਿਆ ਹੈ। ਖੇਤੀਬਾੜੀ ਵਿਭਾਗ ਦੇ ਸਕੱਤਰ ਅਸ਼ੋਕ ਕੁਮਾਰ ਗੁਪਤਾ ਵੱਲੋਂ ਵੀ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਐਕਟ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।  ਉਨ੍ਹਾਂ ਕਿਹਾ ਕਿ ਐਕਟ ਨੂੰ ਲਾਗੂ ਕਰਨ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਆਪਣੇ ਉੱਚ ਅਧਿਕਾਰੀਆਂ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ। ਵਿਭਾਗ ਦੇ ਡਾਇਰੈਕਟਰ ਡਾ. ਬਲਵਿੰਦਰ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਇਹ ਭਰੋਸਾ ਦਿਵਾਇਆ ਕਿ ਝੋਨੇ ਦੀ ਸਮੇਂ ਸਿਰ ਲਵਾਈ ਅਤੇ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਦੋ ਸਾਲ ਪਹਿਲਾਂ ਬਣਾਏ ਗਏ ਕਾਨੂੰਨ ਮੁਤਾਬਕ ਸੂਬੇ ਵਿੱਚ ਕੋਈ ਵੀ ਕਿਸਾਨ 10 ਮਈ ਤੋਂ ਪਹਿਲਾਂ ਝੋਨੇ ਦੀ ਪਨੀਰੀ ਨਹੀਂ ਬੀਜ ਸਕਦਾ ਤੇ 10 ਜੂਨ ਤੋਂ ਪਹਿਲਾਂ ਝੋਨਾ ਲਗਾ ਨਹੀਂ ਸਕਦਾ। ਖੇਤੀਬਾੜੀ ਵਿਭਾਗ ਦੇ ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਸਮੇਂ ਤੋਂ ਪਹਿਲਾਂ ਝੋਨੇ ਦੀ ਪਨੀਰੀ ਲਗਾਉਣ ਦੀਆਂ ਰਿਪੋਰਟਾਂ ਮਿਲੀਆਂ ਸਨ ਪਰ ਸਬੰਧਤ ਖੇਤੀ ਅਧਿਕਾਰੀਆਂ ਨੇ ਪਨੀਰੀ ਵਹਾ ਦਿੱਤੀ ਜਿਸ ਕਾਰਨ ਉਹ ਕਾਰਵਾਈ ਤੋਂ ਬਚ ਗਏ। ਖੇਤੀਬਾੜੀ ਵਿਭਾਗ ਦੇ ਸੂਤਰਾਂ ਦਾ ਤਾਂ ਇਹ ਵੀ ਦੱਸਣਾ ਹੈ ਕਿ ਮੁਅੱਤਲ ਕੀਤਾ ਗਿਆ ਅਧਿਕਾਰੀ ਮੁੱਖ ਮੰਤਰੀ ਦੇ ਪਰਿਵਾਰ ਦੇ ਇੱਕ ਪ੍ਰਭਾਵਸ਼ਾਲੀ ਮੈਂਬਰ ਦਾ ਖਾਸਮ ਖਾਸ ਹੈ। ਇਸੇ ਦੇ ਬਾਵਜੂਦ ਖੇਤੀ ਮੰਤਰੀ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ। ਇਸ ਕਾਰਵਾਈ ਤੋਂ ਸਾਰਾ ਵਿਭਾਗ ਹੈਰਾਨ ਵੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All