ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ

ਨੇਪਾਲ ਦੇ ਸ਼ਾਹ ਗਿਆਨੇਂਦਰ ਬੀਰ ਬਿਕਰਮ ਸ਼ਾਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 20 ਫਰਵਰੀ ਨੇਪਾਲ ਦੇ ਸ਼ਾਹ ਗਿਆਨੇਂਦਰ ਬੀਰ ਬਿਕਰਮ ਸ਼ਾਹ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਕਾਠਮੰਡੂ ਸਥਿਤ ਗੁਰਦੁਆਰਾ ਨਾਨਕ ਮੱਠ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਉਣ ਦੀ ਅਪੀਲ ਕੀਤੀ, ਜਿਸ ਸਬੰਧੀ ਉਨ੍ਹਾਂ ਹਾਂ-ਪੱਖੀ ਹੁੰਗਾਰਾ ਦਿੱਤਾ। ਸ਼ਾਹ ਗਿਆਨੇਂਦਰ ਬੀਰ ਬਿਕਰਮ ਸ਼ਾਹ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦਿਆਂ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਨਾਲ-ਨਾਲ ਲੰਗਰ ਪ੍ਰਥਾ ਬਾਰੇ ਜਾਣਕਾਰੀ ਦਿੱਤੀ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਨੂੰ ਪਰਿਕਰਮਾ ਵਿਚਲੇ ਗੁਰਦੁਆਰਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਵਜੋਂ 1 ਲੱਖ ਰੁਪਏ ਭੇਟ ਕੀਤੇ। ਸੂਚਨਾ ਕੇਂਦਰ ਵਿਚ ਸੰਖੇਪ ਗੱਲਬਾਤ ਅਤੇ ਯਾਤਰੂ ਰਜਿਸਟਰ ਵਿਚ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਉਨ੍ਹਾਂ ਲਿਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਨੂੰ ਰੂਹਾਨੀ ਖੁਸ਼ੀ ਪ੍ਰਾਪਤ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਨਾਨਕ ਮੱਠ ਕਾਠਮੰਡੂ ਦੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਮਦਦ ਦੀ ਅਪੀਲ ਕੀਤੀ, ਜਿਸ ਬਾਰੇ ਉਨ੍ਹਾਂ ਹਾਂ-ਪੱਖੀ ਹੁੰਗਾਰਾ ਦਿੱਤਾ ਅਤੇ ਆਪਣੇ ਸਹਾਇਕ ਨੂੰ ਇਸ ਬਾਰੇ ਕਾਰਵਾਈ ਲਈ ਆਖਿਆ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All