ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਪੱਤਰ ਪ੍ਰੇਰਕ ਤਲਵੰਡੀ ਸਾਬੋ, 7 ਅਪਰੈਲ ਕਰੋਨਾਵਾਇਰਸ ਦੇ ਪ੍ਰਕੋਪ ਨੂੰ ਦੇਖਦਿਆਂ ਜਿੱਥੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 13 ਅਪਰੈਲ ਨੂੰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸਮੇਤ ਹੋਰ ਧਾਰਮਿਕ ਅਸਥਾਨਾਂ ’ਤੇ ਵਿਸਾਖੀ ਦੇ ਦਿਹਾੜੇ ਮੌਕੇ ਵੱਡੇ ਇਕੱਠ ਕਰਨ ’ਤੇ ਰੋਕ ਲਗਾਈ ਹੈ, ਉੱਥੇ ਉਨ੍ਹਾਂ ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਮੁਕਾਬਲਿਆਂ ’ਚ ਕਵਿਤਾ ਤੇ ਲੇਖ ਲਿਖਣ, ਚਿੱਤਰਕਲਾ ਅਤੇ ਨਾਅਰੇ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਘਰ ਬੈਠੇ ਸੋਸ਼ਲ ਮੀਡੀਆ ਰਾਹੀਂ ਹਿੱਸਾ ਲੈ ਸਕਦੇ ਹਨ। ਉਹ ਆਪਣੀਆਂ ਰਚਨਾਵਾਂ 15 ਅਪਰੈਲ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਆਈਡੀ ’ਤੇ ਭੇਜ ਸਕਦੇ ਹਨ। ਸਿੰਘ ਸਾਹਿਬ ਨੇ ਦੱਸਿਆ ਕਿ ਹਰ ਵਿਸ਼ੇ ਵਿੱਚ ਪਹਿਲੇ ਦਸ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਨਮਾਨ ਪੱਤਰ ਪ੍ਰਦਾਨ ਕੀਤੇ ਜਾਣਗੇ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਸਿੰਘ ਸਾਹਿਬ ਨੇ ਕਿਹਾ ਕਿ ਜ਼ਿਆਦਾ ਜਾਣਕਾਰੀ ਲਈ ਤਖ਼ਤ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਜਾਂ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All