ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 7 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾਵਾਇਰਸ ਕਾਰਨ ਉਪਜੇ ਸੰਕਟ ਸਬੰਧੀ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਕ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਕੁਝ ਹੋਰ ਪਾਰਟੀਆਂ ਨੇ ਵੀ ਇਸ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਸੱਦਣ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਵੱਲੋਂ 5 ਅਪਰੈਲ ਨੂੰ ਲਿਖੇ ਪੱਤਰ ਵਿੱਚ ਉਠਾਏ ਮਸਲਿਆਂ ’ਤੇ ਸੂਬਾ ਸਰਕਾਰ ਪਹਿਲਾਂ ਦੀ ਅਸਰਦਾਰ ਢੰਗ ਨਾਲ ਕਦਮ ਉਠਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੂਬਾ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਕਰੋਨਾਵਾਇਰਸ ਨੇ ਜਨਜੀਵਨ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਸੂਬਾ ਸਰਕਾਰ ਦਾ ਸਮੁੱਚਾ ਪ੍ਰਸ਼ਾਸਨ, ਗੈਰ-ਸਰਕਾਰੀ ਸਮਾਜਿਕ ਅਦਾਰੇ, ਧਾਰਮਿਕ ਸੰਸਥਾਵਾਂ ਅਤੇ ਰਾਜਨੀਤਕ ਪਾਰਟੀਆਂ ਦੇ ਨਾਲ ਪੰਜਾਬ ਦਾ ਹਰ ਨਾਗਰਿਕ ਇਸ ਮੁਹਿੰਮ ਵਿੱਚ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸੰਕਟ ਅਤੇ ਭਵਿੱਖੀ ਚੁਣੌਤੀਆਂ ਨਾਲ ਨਿਪਟਣ ਲਈ ਕਿਸੇ ਵੀ ਹੋਰ ਮਸ਼ਵਰੇ ਦਾ ਉਹ ਸਵਾਗਤ ਕਰਨਗੇ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਉਹ ਪੂਰੀ ਸੰਜੀਦਗੀ ਨਾਲ ਵਿਚਾਰ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All