ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ

ਪੱਤਰਕਾਰ ਮੇਜਰ ਸਿੰਘ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ। -ਫੋਟੋ: ਸੋਢੀ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 25 ਮਈ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਭਾ ਫੇਜ਼-4 ਵਿੱਚ ਦੋ ਧਿਰਾਂ ’ਚ ਹੋਏ ਆਪਸੀ ਵਿਵਾਦ ਦੌਰਾਨ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਦੀ ਫੇਜ਼-1 ਥਾਣੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੀ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਤਿੰਨ ਦਿਨਾਂ ਬਾਅਦ ਸਰਕਾਰੀ ਹਸਪਤਾਲ ’ਚ ਪਹੁੰਚ ਕੇ ਪੀੜਤ ਪੱਤਰਕਾਰ ਦੀ ਖ਼ਬਰਸਾਰ ਪੁੱਛੀ। ਉਨ੍ਹਾਂ ਨੇ ਡਾਕਟਰਾਂ ਨੂੰ ਆਦੇਸ਼ ਦਿੱਤੇ ਕਿ ਮੀਡੀਆ ਕਰਮੀ ਦੇ ਇਲਾਜ ਵਿੱਚ ਕੋਈ ਕੋਤਾਹੀ ਨਾ ਵਰਤੀ ਜਾਵੇ। ਉਧਰ, ਸਮਾਜ ਸੇਵੀ ਸੰਸਥਾ ਪੰਜਾਬ ਅਗੇਂਸਟ ਭ੍ਰਿਸ਼ਟਾਚਾਰ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਦੱਸਦਿਆਂ ਚਿਤਾਵਨੀ ਦਿੱਤੀ ਕਿ ਪੱਤਰਕਾਰ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਸੰਘਰਸ਼ ਵਿੱਢਦਿਆਂ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੇ ਹਸਪਤਾਲ ’ਚ ਆ ਕੇ ਮਹਿਜ਼ ਖਾਨਾਪੂਰਤੀ ਕੀਤੀ ਹੈ। ਐੱਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਪੱਤਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਵੀ ਹਸਪਤਾਲ ਪਹੁੰਚ ਕੇ ਪੱਤਰਕਾਰ ਦਾ ਹਾਲ ਜਾਣਿਆ।

ਪੱਤਰਕਾਰਾਂ ’ਤੇ ਪਰਚੇ ਕਰਵਾਉਣ ਦੀ ਨਿੰਦਾ ਫਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਪੱਤਰਕਾਰਾਂ ‘ਤੇ ਪਰਚੇ ਕਰਵਾਉਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸ੍ਰੀ ਧਾਰਨੀ ਨੇ ਕਿਹਾ ਕਿ ਅਕਾਲੀ ਦਲ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡੀਜੀਪੀ ਨੂੰ ਮਿਲੇਗਾ ਤਾਂ ਕਿ ਪੱਤਰਕਾਰ ਨਿਡਰਤਾ ਨਾਲ ਕੰਮ ਕਰ ਸਕਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All