
ਪੱਤਰ ਪ੍ਰੇਰਕ ਐਸਏਐਸ ਨਗਰ (ਮੁਹਾਲੀ), 3 ਦਸੰਬਰ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਲਗਾਏ ਗਏ ਮੈਗਾ ਖੂਨਦਾਨ ਕੈਂਪ ਵਿੱਚ ਕਰੀਬ 800 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਕੈਂਪ ਵਿੱਚ ਇਕੱਤਰ ਹੋਏ ਖੂਨ ਦੇ ਯੂਨਿਟ ਲੋੜਵੰਦ ਰੋਗੀਆਂ ਦੀ ਮਦਦ ਲਈ ਪੀਜੀਆਈ, ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਰਾਜਿੰਦਰਾ ਹਸਪਤਾਲ ਪਟਿਆਲਾ, ਡੀਐਮਸੀ ਲੁਧਿਆਣਾ, ਰੋਟਰੀ ਕਲੱਬ ਬਲੱਡ ਬੈਂਕ, ਗਿਆਨ ਸਾਗਰ ਬਨੂੜ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਨੂੰ ਦਿੱਤਾ ਗਿਆ। ਧਾਰਮਿਕ ਸਮਾਗਮ ਵਿੱਚ ਭਾਈ ਫੌਜਾ ਸਿੰਘ ਸਾਗਰ ਦੇ ਢਾਡੀ ਜਥੇ ਨੇ ਜਥੇਦਾਰ ਬਾਬਾ ਹਨੂਮਾਨ ਸਿੰਘ ਵੱਲੋਂ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜ਼ਾਂ ਨਾਲ ਕੀਤੀ ਜੰਗ ਵਿੱਚ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਓਂਕਾਰ ਸਿੰਘ, ਭਾਈ ਗੁਰਨਾਮ ਸਿੰਘ ਮੋਹੀ, ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸੰਤ ਬਾਬਾ ਮਹਿੰਦਰ ਸਿੰਘ, ਭਾਈ ਕੁਲਦੀਪ ਸਿੰਘ ਆਦਿ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ