ਸਿਹਤ ਯੋਜਨਾ ਤਹਿਤ 127.66 ਕਰੋੜ ਖਰਚੇ: ਸਿੱਧੂ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 12 ਜਨਵਰੀ

ਪਿੰਡ ਸਨੇਟਾ ਵਿੱਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਸਿਹਤ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ। -ਫੋਟੋ: ਸੋਢੀ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਕਰੀਬ 1,11,685 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸੂਬੇ ਦੀ 75 ਫੀਸਦੀ ਆਬਾਦੀ ਦੇ ਇਸ ਯੋਜਨਾ ਤਹਿਤ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਲੋਕਾਂ ਦੇ ਕਾਰਡ ਵੀ ਜਲਦੀ ਬਣਾਏ ਜਾਣਗੇ। ਇਹ ਗੱਲ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਸਨੇਟਾ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਨੇ ਰਵੀਦਾਸ ਧਰਮਸ਼ਾਲਾ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਅਤੇ ਪਿੰਡ ਵਿੱਚ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ। ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ 662 ਹਸਪਤਾਲਾਂ ਨੂੰ ਇਸ ਸਕੀਮ ਤਹਿਤ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਹੁਣ ਤੱਕ ਮਰੀਜ਼ਾਂ ਦਾ 127.66 ਕਰੋੜ ਰੁਪਏ ਦਾ ਇਲਾਜ ਕਰ ਕੇ ਲਾਭ ਪਹੁੰਚਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਿੱਥੇ ਸਾਰੀਆਂ ਗਲੀਆਂ-ਨਾਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਸੰਪਰਕ ਸੜਕਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ। ‘ਸਾਡਾ ਪੰਜਾਬ, ਤੰਦਰੁਸਤ ਪੰਜਾਬ’ ਦਾ ਅਹਿਦ ਦੁਹਰਾਉਂਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਤੇ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਸਿਹਤ ਵਿਭਾਗ ਵੱਲੋਂ ਮੁਹਿੰਮ ਤੇਜ਼ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਟਿਊਬਵੈੱਲ ਦੇ ਕੰਮ ’ਤੇ ਕੁਲ 28 ਲੱਖ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਦੱਸਿਆ ਕਿ ਸਨੇਟਾ ਤੋਂ ਗਡਾਣਾ ਤੇ ਢੇਲਪੁਰ ਨੂੰ ਜਾਂਦੀ ਸੜਕ ਅਤੇ ਦੈੜੀ ਤੋਂ ਨਗਾਰੀ, ਗੀਗੇਮਾਜਰਾ ਤੇ ਮੀਢੇਮਾਜਰਾ ਨੂੰ ਜਾਂਦੀ ਸੜਕ ਨੂੰ 18 ਫੁੱਟ ਚੌੜੀ ਕਰਨ ਦੀ ਤਜਵੀਜ਼ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬੀਡੀਪੀਓ ਹਿਤੇਨ ਕਪਿਲਾ, ਕਿਸਾਨ ਆਗੂ ਜੀਐਸ ਰਿਆੜ, ਯੂਥ ਆਗੂ ਰਜਿੰਦਰ ਸਿੰਘ ਰਾਏਪੁਰ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਗੁਰਧਿਆਨ ਸਿੰਘ ਦੁਰਾਲੀ, ਚੌਧਰੀ ਰਿਸ਼ੀਪਾਲ ਸਨੇਟਾ, ਸਰਪੰਚ ਗੋਬਿੰਦਗੜ੍ਹ ਰਾਮੇਸ਼ਵਰ, ਬੰਤ ਸਿੰਘ, ਬਹਾਦਰ ਸਿੰਘ, ਨਿਰਮਲ ਸਿੰਘ ਅਤੇ ਹੈਪੀ ਗੋਬਿੰਦਗੜ੍ਹ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All